* ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਜੀਵਨ-ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਦੇ ਰਹੀਆਂ ਹਨ ਸੁਨੇਹਾ: ਜ਼ਿਲ੍ਹਾ ਖੇਡ ਅਫ਼ਸਰ
ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।
ਜ਼ਿਲਾ ਖੇਡ ਅਫਸਰ ਕੁਲਦੀਪ ਚੁੱਘ ਨੇ ਕਿਹਾ ਕਿ 16 ਨਵੰਬਰ ਤੋਂ 23 ਨਵੰਬਰ ਤੱਕ ਕਰਵਾਏ ਜਾਣ ਵਾਲੇ ਇਨ੍ਹਾਂ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਭਾਰ ਵਰਗਾਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਉਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀਆਂ ਦੇ 65 ਤੋਂ 70 ਕਿਲੋਗ੍ਰਾਮ ਭਾਰ ਵਰਗ ਵਿੱਚ ਸੰਗਰੂਰ ਦੀ ਹਰਸਿਮਰਨਜੋਤ ਨੇ ਫਿਰੋਜ਼ਪੁਰ ਦੀ ਰਿਤਿਕਾ ਨੂੰ ਹਰਾ ਕੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ 70 ਤੋਂ 75 ਕਿਲੋਗ੍ਰਾਮ ਭਾਰ ਵਰਗ ਵਿੱਚ ਮਾਲੇਰਕੋਟਲਾ ਦੀ ਜਸਲੀਨ ਨੇ ਬਰਨਾਲਾ ਦੀ ਨੂਰ ਕੌਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ।
ਇਸ ਤੋਂ ਇਲਾਵਾ 75 ਤੋਂ 80 ਕਿਲੋਗ੍ਰਾਮ ਭਾਰ ਵਰਗ ਵਿੱਚ ਹੁਸ਼ਿਆਰਪੁਰ ਦੀ ਗੁਰਵੀਰ ਕੌਰ ਨੇ ਬਰਨਾਲਾ ਦੀ ਗੁਰਮਨਪ੍ਰੀਤ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ, ਜਦਕਿ ਗੁਰਦਾਸਪੁਰ ਦੀ ਗੁਰਲੀਨ ਨੇ ਫਿਰੋਜ਼ਪੁਰ ਦੀ ਸਿਮਰਨ ਨੂੰ ਹਰਾ ਕੇ ਮੁਕਾਬਲਾ ਆਪਣੇ ਨਾਮ ਕੀਤਾ।
ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਖੇਡ ਮੁਕਾਬਲੇ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਤੰਦਰੁਸਤ ਜੀਵਨ-ਸ਼ੈਲੀ ਅਪਣਾਉਣ, ਅਨੁਸ਼ਾਸਨ ਅਤੇ ਟੀਮ ਭਾਵਨਾ ਵਿਕਸਿਤ ਕਰਨ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡਾਂ ਵਿੱਚ ਅੱਗੇ ਵਧਣ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ।
ਇਸ ਮੌਕੇ ਡੀ.ਐੱਮ. ਸਪੋਰਟਸ ਵਰਿੰਦਰ ਸਿੰਘ, ਹੈਂਡ ਮਾਸਟਰ ਮੁਹੰਮਦ ਯਾਕੂਬ, ਸੀਨੀਅਰ ਬਾਕਸਿੰਗ ਕੋਚ ਮੁਹੰਮਦ ਹਬੀਬ, ਬਾਕਸਿੰਗ ਕੋਚ ਹਰਪ੍ਰੀਤ ਸਿੰਘ, ਬਾਕਸਿੰਗ ਕੋਚ ਜਸਪ੍ਰੀਤ ਸਿੰਘ ਅਤੇ ਬਾਕਸਿੰਗ ਕੋਚ ਸਨੀ ਸਮੇਤ ਹੋਰ ਅਧਿਕਾਰੀ ਅਤੇ ਖੇਡ ਪ੍ਰੇਮੀ ਮੌਜੂਦ ਸਨ।



