ਮਾਲੇਰਕੋਟਲਾ, 23 ਨਵੰਬਰ :
ਮੌਕ ਡਰਿੱਲ ਦੌਰਾਨ ਵੱਜਣ ਵਾਲੇ ਸਾਇਰਨ ਤੋਂ ਲੋਕ ਨਾ ਘਬਰਾਉਣ, ਇਹ ਸਿਰਫ਼ ਸੁਰੱਖਿਆ ਪ੍ਰਬੰਧਾਂ ਦੀ ਪਰਖ ਲਈ ਅਭਿਆਸ
ਕਿਸੇ ਵੀ ਸੰਭਾਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਦੀ ਤਿਆਰੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 27 ਨਵੰਬਰ ਨੂੰ ਰਾਤ 8 ਵਜੇ ਮਾਲੇਰਕੋਟਲਾ ਵਿਖੇ ਮੌਕ ਡਰਿੱਲ ਕਰਵਾਈ ਜਾਵੇਗੀ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਅਭਿਆਸ ਅਰਿਹੰਤ ਸਪਿਨਿੰਗ ਮਿੱਲਜ਼ ਵਿੱਚ ਏਅਰ ਰੇਡ ਚੇਤਾਵਨੀ ਅਤੇ ਬਲੈਕਆਊਟ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਜਾਵੇਗਾ।
ਇਸ ਸਬੰਧੀ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਅਭਿਆਸ ਡੀ.ਜੀ.ਪੀ.-ਕਮ-ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ, ਸਿਵਲ ਡਿਫੈਂਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਦੀ ਸ਼ੁਰੂਆਤ ਰਾਤ 8 ਵਜੇ ਸਾਇਰਨ ਵਜਾ ਕੇ ਕੀਤੀ ਜਾਵੇਗੀ। ਸਾਇਰਨ ਵੱਜਣ ਉਪਰੰਤ ਨਿਰਧਾਰਤ ਰਿਹਾਇਸ਼ੀ ਖੇਤਰ ਵਿੱਚ ਬਲੈਕਆਊਟ ਦੀ ਸਥਿਤੀ ਬਣਾਈ ਜਾਵੇਗੀ, ਜਿਸ ਤਹਿਤ ਲੋਕਾਂ ਨੂੰ ਆਪਣੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣੀਆਂ ਹੋਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ ਅਤੇ ਆਮ ਜਨਤਾ ਨੂੰ ਸਿਰਫ਼ ਨਿਰਧਾਰਤ ਹਦਾਇਤਾਂ ਦੀ ਪਾਲਣਾ ਕਰਦਿਆਂ ਸਹਿਯੋਗ ਦੇਣਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਅਭਿਆਸ ਵਿੱਚ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ, ਪੁਲਿਸ, ਫਾਇਰ ਬ੍ਰਿਗੇਡ, ਸਿਹਤ ਵਿਭਾਗ, ਨਗਰ ਕੌਂਸਲ, ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ.ਸੀ.ਸੀ. ਸਮੇਤ ਵੱਖ-ਵੱਖ ਏਜੰਸੀਆਂ ਦੀਆਂ ਟੀਮਾਂ ਸ਼ਮੂਲੀਅਤ ਕਰਨਗੀਆਂ। ਇਸ ਦੌਰਾਨ ਐਮਰਜੈਂਸੀ ਦੀ ਕਾਲਪਨਿਕ ਸਥਿਤੀ ਪੈਦਾ ਕਰਕੇ ਬਚਾਅ ਕਾਰਜਾਂ, ਤੁਰੰਤ ਕਾਰਵਾਈ, ਸੰਚਾਰ ਪ੍ਰਣਾਲੀ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਪਰਖ ਕੀਤੀ ਜਾਵੇਗੀ।
ਉਨ੍ਹਾਂ ਸਬੰਧਤ ਖੇਤਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 27 ਨਵੰਬਰ ਨੂੰ ਰਾਤ 8 ਵਜੇ ਵੱਜਣ ਵਾਲੇ ਸਾਇਰਨ ਨੂੰ ਕਿਸੇ ਅਸਲ ਖ਼ਤਰੇ ਦੀ ਚੇਤਾਵਨੀ ਨਾ ਸਮਝਣ ਅਤੇ ਘਬਰਾਹਟ ਵਿੱਚ ਨਾ ਆਉਣ। ਇਹ ਇੱਕ ਪਹਿਲਾਂ ਤੋਂ ਨਿਰਧਾਰਤ ਅਭਿਆਸ ਹੈ, ਜਿਸ ਦਾ ਮਕਸਦ ਕਿਸੇ ਵੀ ਅਣਸੁਖਾਵੀਂ ਸਥਿਤੀ ਸਮੇਂ ਜਾਨ- ਮਾਲ ਦੀ ਸੁਰੱਖਿਆ ਲਈ ਪ੍ਰਸ਼ਾਸਨਿਕ ਤਿਆਰੀਆਂ ਨੂੰ ਪਰਖਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਅਭਿਆਸ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ।
ਇਸ ਮੌਕੇ ਡੀ.ਐੱਸ.ਪੀ. ਮਾਨਵਜੀਤ ਸਿੰਘ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ, ਫਾਇਰਮੈਨ ਸੁਖਵਿੰਦਰ ਸਿੰਘ, ਕੰਪਨੀ ਕਮਾਂਡਰ ਰੁਪਿੰਦਰ ਸਿੰਘ, ਅਰਿਹੰਤ ਸਪਿਨਿੰਗ ਮਿੱਲਜ਼ ਦੇ ਮੈਨੇਜਰ (ਐਚ.ਆਰ.) ਰਾਜ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।



