ਮੁੱਖ ਮੰਤਰੀ ਨੇ ਕਿਹਾ, ਇਹ ਸਿਆਸੀ ਨਹੀਂ, ਸਗੋਂ ਦਿਲਾਂ ਦਾ ਕੁਦਰਤੀ ਗੱਠਜੋੜ ਹੈ, ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੇ ਸਨਮਾਨ ਲਈ ਮਿਲ ਕੇ ਕਰਨਗੇ ਕੰਮ
ਮੁੱਖ ਮੰਤਰੀ ਨੇ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਖ਼ਤਮ ਕਰਨ, ਕਿਸਾਨਾਂ, ਮਹਿਲਾਵਾਂ ਅਤੇ ਗਰੀਬਾਂ ਦੀ ਭਲਾਈ ਨੂੰ ਦੱਸਿਆ ਤਰਜੀਹ
ਚੰਡੀਗੜ੍ਹ, 24 ਨਵੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਪੰਜਾਬ ਦੇ ਹਿੱਤ ਵਿੱਚ ਚੁੱਕਿਆ ਗਿਆ ਅਹਿਮ ਕਦਮ ਦੱਸਦਿਆਂ ਕਿਹਾ ਕਿ ਇਹ ਗੱਠਜੋੜ ਸੂਬੇ ਨੂੰ ਮਜ਼ਬੂਤੀ ਦੇਣ, ਨਵੀਂ ਦਿਸ਼ਾ ਪ੍ਰਦਾਨ ਕਰਨ ਅਤੇ ਲੋਕਾਂ ਦੇ ਸਨਮਾਨ ਦੀ ਰੱਖਿਆ ਕਰਨ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਿਆਸੀ ਗੱਠਜੋੜ ਨਹੀਂ, ਸਗੋਂ ਦਿਲਾਂ ਦਾ ਗੱਠਜੋੜ ਅਤੇ ਕੁਦਰਤੀ ਸਾਂਝੇਦਾਰੀ ਹੈ। ਇਸ ਦਾ ਉਦੇਸ਼ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਲਿਜਾਣਾ ਅਤੇ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਹੈ। ਮੁੱਖ ਮੰਤਰੀ ਮੰਗਲਵਾਰ ਨੂੰ ਗੁਰੂਗ੍ਰਾਮ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਹਰਿਆਣਾ ਅਤੇ ਦੇਸ਼ ਵਾਸੀਆਂ, ਖ਼ਾਸ ਕਰਕੇ ਪੰਜਾਬ ਦੀ ਸੰਗਤ ਅਤੇ ਸੂਬਾ ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸੇਵਾ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਨੂੰ ਏਕਤਾ ਅਤੇ ਸਦਭਾਵਨਾ ਦੇ ਮਾਰਗ ‘ਤੇ ਅੱਗੇ ਵਧਣ ਦੀ ਪ੍ਰੇਰਣਾ ਦਿੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਨੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਗੱਠਜੋੜ ਦੀ ਪਹਿਲ ਕੀਤੀ ਹੈ, ਜਿਸ ਲਈ ਉਹ ਵਧਾਈਯੋਗ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਸਮੇਂ ਤੋਂ ਭਾਜਪਾ ਅਤੇ ਅਕਾਲੀ ਦਲ ਦਰਮਿਆਨ ਚੱਲੇ ਆ ਰਹੇ ਸਬੰਧਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਵਧਾ ਰਹੇ ਹਨ। ਇਹ ਗੱਠਜੋੜ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਖ਼ਤਮ ਕਰਨ, ਕਿਸਾਨਾਂ ਨੂੰ ਸਨਮਾਨ ਦੇਣ, ਮਹਿਲਾਵਾਂ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣ ਅਤੇ ਗਰੀਬਾਂ ਦੀ ਭਲਾਈ ਲਈ ਕੰਮ ਕਰੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਸੂਬੇ ਨੂੰ ਮਜ਼ਬੂਤ ਬਣਾਉਣ ਅਤੇ ਨਵੀਂ ਦਿਸ਼ਾ ਦੇਣ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ।
ਸਲਸਵਿਹ/2026
ਗੋਆ ਫਿਲਮ ਫੈਸਟੀਵਲ ਵਿੱਚ ਅਦਾਕਾਰ ਪੰਕਜ ਝਾਅ ਨੇ ਹਰਿਆਣਾ ਪੈਵੇਲੀਅਨ ਦਾ ਕੀਤਾ ਦੌਰਾ
ਚੰਡੀਗੜ੍ਹ, 24 ਨਵੰਬਰ – ਗੋਆ ਵਿੱਚ ਆਯੋਜਿਤ 57ਵੇਂ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਤਹਿਤ ਵੇਵਜ਼ ਫਿਲਮ ਬਾਜ਼ਾਰ ਵਿੱਚ ਸਥਾਪਿਤ ਹਰਿਆਣਾ ਸਟੇਟ ਪੈਵੇਲੀਅਨ ਵਿੱਚ ਚੌਥੇ ਦਿਨ ਵੀ ਫਿਲਮ ਜਗਤ ਦੀਆਂ ਨਾਮਵਰ ਹਸਤੀਆਂ ਦੇ ਪਹੁੰਚਣ ਦਾ ਸਿਲਸਿਲਾ ਜਾਰੀ ਰਿਹਾ। ਮੰਗਲਵਾਰ ਨੂੰ ਅਦਾਕਾਰ ਪੰਕਜ ਝਾਅ ਨੇ ਹਰਿਆਣਾ ਪੈਵੇਲੀਅਨ ਦਾ ਦੌਰਾ ਕੀਤਾ ਅਤੇ ਸੂਬੇ ਦੀ ਫਿਲਮ ਨੀਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਹਰਿਆਣਾ ਵਿੱਚ ਫਿਲਮ ਨਿਰਮਾਣ ਦੀਆਂ ਸੰਭਾਵਨਾਵਾਂ ਅਤੇ ਸੂਬਾ ਸਰਕਾਰ ਵੱਲੋਂ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਦਿਲਚਸਪੀ ਦਿਖਾਈ।
ਫਿਲਮ ਖੇਤਰ ਨਾਲ ਜੁੜੇ ਆਗੰਤੁਕਾਂ ਨੇ ਸੂਬੇ ਵਿੱਚ ਫਿਲਮ ਨਿਰਮਾਣ ਲਈ ਉਪਲਬਧ ਮੌਕਿਆਂ, ਸ਼ੂਟਿੰਗ ਸਥਾਨਾਂ ਅਤੇ ਫਿਲਮ ਨਿਰਮਾਤਾਵਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਹਰਿਆਣਾ ਪੈਵੇਲੀਅਨ ਰਾਹੀਂ ਸੂਬਾ ਸਰਕਾਰ ਵੱਲੋਂ ਹਰਿਆਣਾ ਦੀ ਅਮੀਰ ਸੱਭਿਆਚਾਰਕ ਵਿਰਾਸਤ, ਵੱਖ-ਵੱਖ ਸ਼ੂਟਿੰਗ ਸਥਾਨਾਂ ਅਤੇ ਫਿਲਮ ਨੀਤੀ ਤਹਿਤ ਫਿਲਮ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਫਿਲਮ ਨਿਰਮਾਤਾਵਾਂ ਅਤੇ ਕਲਾਕਾਰਾਂ ਨੂੰ ਹਰਿਆਣਾ ਵਿੱਚ ਸ਼ੂਟਿੰਗ ਦੀਆਂ ਸੰਭਾਵਨਾਵਾਂ ਅਤੇ ਮਨਜ਼ੂਰੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਹਰਿਆਣਾ ਸਰਕਾਰ ਦਾ ਉਦੇਸ਼ ਸੂਬੇ ਨੂੰ ਫਿਲਮ ਨਿਰਮਾਣ ਦੇ ਇੱਕ ਆਕਰਸ਼ਕ ਕੇਂਦਰ ਵਜੋਂ ਸਥਾਪਿਤ ਕਰਨਾ ਅਤੇ ਫਿਲਮ ਉਦਯੋਗ ਨਾਲ ਜੁੜੇ ਕਲਾਕਾਰਾਂ, ਨਿਰਮਾਤਾਵਾਂ ਅਤੇ ਤਕਨੀਕੀ ਮਾਹਿਰਾਂ ਲਈ ਨਵੇਂ ਮੌਕੇ ਪੈਦਾ ਕਰਨਾ ਹੈ।
ਸਲਸਵਿਹ/2026






