ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਤੇ ਸੁਝਾਵਾਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਕੀਤਾ ਜਾਵੇਗਾ ਸ਼ਾਮਲ
ਪੰਜਾਬ ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਤਿਆਰ ਕੀਤੇ ਜਾ ਰਹੇ ਚੋਣ ਮਨੋਰਥ ਪੱਤਰ ਬਾਰੇ ਵਪਾਰੀ ਵਰਗ ਦੇ ਸੁਝਾਅ ਅਤੇ ਵਿਚਾਰ ਜਾਣਨਾ ਸੀ। ਇਸ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ, ਚੁਣੌਤੀਆਂ ਅਤੇ ਉਮੀਦਾਂ ਬਾਰੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਸਾਬਕਾ ਮੰਤਰੀ ਅਸ਼ਵਨੀ ਸੇਖੜੀ, ਭਾਜਪਾ ਵਪਾਰ ਸੈੱਲ ਦੇ ਕਨਵੀਨਰ ਰਜਿੰਦਰ ਮਰਵਾਹਾ, ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਹਨੀ ਸਮੇਤ ਕਈ ਹੋਰ ਪਾਰਟੀ ਆਗੂ ਅਤੇ ਵਪਾਰੀ ਮੌਜੂਦ ਸਨ।
ਮੀਟਿੰਗ ਵਿੱਚ ਵਪਾਰੀਆਂ, ਦੁਕਾਨਦਾਰਾਂ ਅਤੇ ਵੱਖ-ਵੱਖ ਕਾਰੋਬਾਰਾਂ ਨਾਲ ਜੁੜੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਕਾਰੋਬਾਰ ਨਾਲ ਸਬੰਧਤ ਸਮੱਸਿਆਵਾਂ, ਮੰਗਾਂ ਅਤੇ ਅਹਿਮ ਸੁਝਾਅ ਚੋਣ ਮਨੋਰਥ ਪੱਤਰ ਕਮੇਟੀ ਦੇ ਸਾਹਮਣੇ ਰੱਖੇ, ਤਾਂ ਜੋ ਇਨ੍ਹਾਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ ਕੀਤਾ ਜਾ ਸਕੇ।
ਇਸ ਦੌਰਾਨ ਵਪਾਰੀਆਂ ਵੱਲੋਂ ਵੱਖ-ਵੱਖ ਮੁੱਦਿਆਂ ਅਤੇ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਕਮੇਟੀ ਨੂੰ ਸੌਂਪੇ ਗਏ। ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਭਾਜਪਾ ਵੱਲੋਂ ਤਿਆਰ ਕੀਤਾ ਜਾ ਰਿਹਾ ਚੋਣ ਮਨੋਰਥ ਪੱਤਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ, ਲੋੜਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸੇ ਮਕਸਦ ਨਾਲ ਮੈਨੀਫੈਸਟੋ ਕਮੇਟੀ ਵੱਲੋਂ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਤੇ ਉਮੀਦਾਂ ਨੂੰ ਜਾਣ ਕੇ ਉਨ੍ਹਾਂ ਦੇ ਸੁਝਾਵਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਥਾਂ ਦੇਣਾ ਕਮੇਟੀ ਦੀ ਮੁੱਖ ਤਰਜੀਹ ਹੈ।
ਅਵਿਨਾਸ਼ ਰਾਏ ਖੰਨਾ ਨੇ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਪ੍ਰਾਪਤ ਹੋਏ ਸੁਝਾਵਾਂ ਅਤੇ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇਗਾ।



