HomePunjabMalerkotlaਸਵੈ-ਜਨਗਣਨਾ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਅਤੇ ਨਿਰੰਤਰ...

ਸਵੈ-ਜਨਗਣਨਾ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਅਤੇ ਨਿਰੰਤਰ ਨਿਗਰਾਨੀ ਦੇ ਨਿਰਦੇਸ਼

 

ਮਾਲੇਰਕੋਟਲਾ, 26 ਨਵੰਬਰ :

ਜ਼ਿਲ੍ਹਾ ਵਾਸੀ ਸਵੈ-ਜਨਗਣਨਾ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਕੇ ਆਪਣੀ ਨਾਗਰਿਕ
ਜ਼ਿੰਮੇਵਾਰੀ ਨਿਭਾਉਣ : ਵਿਰਾਜ ਐਸ. ਤਿੜਕੇ

ਜਨਗਣਨਾ-2027 ਦੇ ਮੱਦੇਨਜ਼ਰ ਸਵੈ-ਜਨਗਣਨਾ (Self Enumeration) ਪ੍ਰਕਿਰਿਆ ਨੂੰ ਸੁਚਾਰੂ ਅਤੇ ਸਫ਼ਲ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਇਸ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਤਾਇਨਾਤ ਸੁਪਰਵਾਈਜ਼ਰਾਂ ਅਤੇ ਗਣਨਾਕਾਰਾਂ (ਐਨਿਊਮੇਰੇਟਰਾਂ) ਨਾਲ ਨਿਯਮਤ ਮੀਟਿੰਗਾਂ ਕਰਕੇ ਸਵੈ-ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ। ਉਨ੍ਹਾਂ ਕਿਹਾ ਕਿ ਫੀਲਡ ਪੱਧਰ ’ਤੇ ਤਾਇਨਾਤ ਕਰਮਚਾਰੀਆਂ ਨੂੰ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਸਵੈ-ਜਨਗਣਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਵਿਦਿਅਕ ਸੰਸਥਾਵਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਇਸ ਲਈ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਮੁਖੀ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਰਾਹੀਂ ਇਸ ਪ੍ਰਕਿਰਿਆ ਦੇ ਮਹੱਤਵ ਬਾਰੇ ਵੱਧ ਤੋਂ ਵੱਧ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਤੋਂ ਪ੍ਰਾਪਤ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਦੀ ਰੂਪ-ਰੇਖਾ ਉਲੀਕਣ ਲਈ ਅਹਿਮ ਆਧਾਰ ਹੁੰਦੇ ਹਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਜਨਗਣਨਾ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ, ਆਪਣੇ ਪਰਿਵਾਰ ਨਾਲ ਸਬੰਧਤ ਸਹੀ ਅਤੇ ਮੁਕੰਮਲ ਜਾਣਕਾਰੀ ਦਰਜ ਕਰਨ ਅਤੇ ਹੋਰਨਾਂ ਨੂੰ ਵੀ ਇਸ ਪ੍ਰਕਿਰਿਆ ਨਾਲ ਜੁੜਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਗਰਮ ਸਹਿਯੋਗ ਹੀ ਜਨਗਣਨਾ ਦੀ ਸਫ਼ਲਤਾ ਦਾ ਆਧਾਰ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਕਾਰਜ ਸਾਧਕ ਅਫ਼ਸਰ ਅਸ਼ੀਸ ਕੁਮਾਰ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਪ੍ਰਵੀਨ ਕੁਮਾਰ ਅਤੇ ਪੁਸ਼ਪਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲੇਸ਼ ਅਤੇ ਨਰੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments