HomePunjabMalerkotlaਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ...

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਮਾਲੇਰਕੋਟਲਾ, 27 ਨਵੰਬਰ –

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਧੀਨ ਮਾਈ ਭਾਰਤ (MY Bharat) ਮਾਲੇਰਕੋਟਲਾ ਵੱਲੋਂ ਸਰਕਾਰੀ ਕਾਲਜ, ਅਮਰਗੜ੍ਹ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ’ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਵਿਸ਼ਾ ‘ਨਸ਼ਾ ਮੁਕਤ ਯੁਵਾ – ਵਿਕਸਿਤ ਭਾਰਤ’ ਰਿਹਾ। ਇਹ ਪ੍ਰੋਗਰਾਮ ਦੇਸ਼ ਭਰ ਦੇ 30 ਤੋਂ ਵੱਧ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 600 ਤੋਂ ਵੱਧ ਜ਼ਿਲ੍ਹਿਆਂ ਵਿੱਚ 500 ਤੋਂ ਵੱਧ ਕਾਲਜਾਂ ਵਿੱਚ ਚਲਾਈ ਜਾ ਰਹੀ ਯੁਵਾ ਜਾਗਰੂਕਤਾ ਮੁਹਿੰਮ ਦਾ ਹਿੱਸਾ ਸੀ।

ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਟੀਚੇ ਨਾਲ ਜੋੜਨ ਦੇ ਨਾਲ-ਨਾਲ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ।

ਇਸ ਮੌਕੇ ਯੁਵਾ ਆਈਕਨ ਗੁਰਲੀਨ ਕੌਰ ਨੇ ‘ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੇਸ਼ ਦੇ ਵਿਕਾਸ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਲਤ ਕਾਰਨ ਵਿਅਕਤੀ, ਪਰਿਵਾਰ ਅਤੇ ਸਮਾਜ ‘ਤੇ ਪੈਣ ਵਾਲੇ ਗੰਭੀਰ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਇਸੇ ਦੌਰਾਨ ਮਾਈ ਭਾਰਤ ਸੰਗਰੂਰ ਦੇ ਉਪ ਨਿਰਦੇਸ਼ਕ ਰਾਹੁਲ ਸੈਣੀ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਮੂਲ ਸਿਧਾਂਤਾਂ, ਨਾਗਰਿਕਾਂ ਦੇ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਨੌਜਵਾਨਾਂ ਦੀ ਜ਼ਿੰਮੇਵਾਰੀ ‘ਤੇ ਚਾਨਣਾ ਪਾਇਆ।

ਸੰਵਿਧਾਨ ਦਿਵਸ ਨੂੰ ਸਮਰਪਿਤ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਹੋਰ ਹਾਜ਼ਰ ਭਾਗੀਦਾਰਾਂ ਵੱਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ ਗਿਆ। ਇਸ ਰਾਹੀਂ ਨੌਜਵਾਨਾਂ ਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਵਰਗੇ ਸੰਵਿਧਾਨਕ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।

ਪ੍ਰੋਗਰਾਮ ਦੇ ਅੰਤ ਵਿੱਚ ਸਰਕਾਰੀ ਕਾਲਜ ਅਮਰਗੜ੍ਹ ਦੇ ਡਾ. ਅਮਨਦੀਪ ਵਟਿਸ਼ ਨੇ ਧੰਨਵਾਦ ਮਤਾ ਪੇਸ਼ ਕਰਦਿਆਂ ਮੁੱਖ ਬੁਲਾਰੇ, ਮਾਈ ਭਾਰਤ ਦੇ ਅਧਿਕਾਰੀਆਂ, ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ।

ਇਸ ਪ੍ਰੋਗਰਾਮ ਰਾਹੀਂ ਨੌਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਦੀ ਸਿਰਜਣਾ, ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ। ਨਾਲ ਹੀ ਉਨ੍ਹਾਂ ਨੂੰ ਵਿਕਸਿਤ ਭਾਰਤ-2047 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments