HomeHaryana Newsਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਕੀਤਾ ਜਾਵੇ ਹੱਲ...

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਕੀਤਾ ਜਾਵੇ ਹੱਲ – ਸ਼ਰੁਤੀ ਚੌਧਰੀ

ਚੰਡੀਗੜ੍ਹ, 28 ਨਵੰਬਰ –

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸੇਵਾ ਸ਼ਰਤਾਂ, ਸਮਾਜਿਕ ਸੁਰੱਖਿਆ, ਮਾਣਭੱਤੇ ਅਤੇ ਤਰੱਕੀ ਨਾਲ ਜੁੜੇ ਮੁੱਦਿਆਂ ‘ਤੇ ਕੀਤੀ ਚਰਚਾ

ਮਾਣਭੱਤਾ ਹਰ ਮਹੀਨੇ ਦੀ 7 ਤਾਰੀਖ ਤੋਂ ਪਹਿਲਾਂ ਖਾਤਿਆਂ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਸਮਾਂਬੱਧ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਣਭੱਤੇ ਦੀ ਸਮੇਂ ਸਿਰ ਅਦਾਇਗੀ, ਖਾਲੀ ਅਸਾਮੀਆਂ ਨੂੰ ਭਰਨਾ, ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਅਤੇ ਆਂਗਣਵਾੜੀ ਕੇਂਦਰਾਂ ਰਾਹੀਂ ਪੋਸ਼ਣ ਅਤੇ ਹੋਰ ਸੇਵਾਵਾਂ ਦਾ ਨਿਰਵਿਘਨ ਸੰਚਾਲਨ ਵਿਭਾਗ ਦੀ ਤਰਜੀਹ ਹੋਣੀ ਚਾਹੀਦੀ ਹੈ।

ਸ਼੍ਰੀਮਤੀ ਸ਼ਰੂਤੀ ਚੌਧਰੀ ਅੱਜ ਪੰਚਕੂਲਾ ਸਥਿਤ ਪੀਡਬਲਯੂਡੀ ਰੈਸਟ ਹਾਊਸ ਵਿਖੇ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਹਰਿਆਣਾ (ਰਜਿਸਟ੍ਰੇਸ਼ਨ ਨੰਬਰ 1442) ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਰਹੇ ਸਨ।

ਮੀਟਿੰਗ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾ ਸ਼ਰਤਾਂ, ਸਮਾਜਿਕ ਸੁਰੱਖਿਆ, ਵਿੱਤੀ ਲਾਭਾਂ ਅਤੇ ਤਰੱਕੀ ਨਾਲ ਸਬੰਧਤ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਨੋਟਿਸ ਲੈਂਦਿਆਂ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਦੇ ਪੱਧਰ ‘ਤੇ ਵਿਚਾਰ ਕੀਤੇ ਜਾਣ ਵਾਲੇ ਮਾਮਲਿਆਂ ਨੂੰ ਉਚਿਤ ਮਾਧਿਅਮ ਰਾਹੀਂ ਅੱਗੇ ਭੇਜਿਆ ਜਾਵੇਗਾ।

ਸਮਾਜਿਕ ਸੁਰੱਖਿਆ ਅਤੇ ਬੀਮਾ ਕਵਰੇਜ ਦੇ ਸਬੰਧ ਵਿੱਚ ਮੰਤਰੀ ਨੇ ਸਾਰੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ (ਡੀਪੀਓ) ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਆਂਗਣਵਾੜੀ ਵਰਕਰ ਅਤੇ ਹੈਲਪਰ ਨੂੰ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ (ਪੀਐਮਜੇਜੇਬੀਵਾਈ) ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (ਪੀਐਮਐਸਬੀਵਾਈ) ਤਹਿਤ ਉਪਲਬਧ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਵਿਭਾਗ ਵੱਲੋਂ ਮੀਟਿੰਗ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਯੋਜਨਾਵਾਂ ਤਹਿਤ ਲੋੜੀਂਦੀ ਪ੍ਰੀਮੀਅਮ ਰਾਸ਼ੀ ਸਬੰਧਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫੀਲਡ ਪੱਧਰ ‘ਤੇ ਜਾਗਰੂਕਤਾ ਯਕੀਨੀ ਬਣਾਈ ਜਾਵੇ, ਤਾਂ ਜੋ ਯੋਗ ਵਰਕਰ ਅਤੇ ਹੈਲਪਰ ਇਨ੍ਹਾਂ ਯੋਜਨਾਵਾਂ ਦਾ ਲਾਭ ਆਸਾਨੀ ਨਾਲ ਲੈ ਸਕਣ। ਆਸ਼ਾ ਵਰਕਰਾਂ ਅਤੇ ਗ੍ਰਾਮ ਚੌਕੀਦਾਰਾਂ ਦੀ ਤਰਜ਼ ‘ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਫਿਕਸਡ ਡਿਪਾਜ਼ਿਟ (ਐੱਫਡੀ) ਯੋਜਨਾ ਲਾਗੂ ਕਰਨ ਦੇ ਪ੍ਰਸਤਾਵ ‘ਤੇ ਵੀ ਚਰਚਾ ਕੀਤੀ ਗਈ। ਇਸ ਪ੍ਰਸਤਾਵ ਨੂੰ ਉਚਿਤ ਪੱਧਰ ‘ਤੇ ਵਿਚਾਰ ਲਈ ਭੇਜਿਆ ਜਾਵੇਗਾ।

ਹੈਲਪਰਾਂ ਦੀ ਤਰੱਕੀ ਅਤੇ ਇਸ ਦੇ ਨਤੀਜੇ ਵਜੋਂ ਖਾਲੀ ਹੋਣ ਵਾਲੀਆਂ ਅਸਾਮੀਆਂ ਨੂੰ ਭਰਨ ਦੇ ਸਬੰਧ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਨੂੰ ਤਰਜੀਹ ਦੇ ਆਧਾਰ ‘ਤੇ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉੱਥੇ ਹੀ, ਸੁਪਰਵਾਈਜ਼ਰਾਂ ਦੀ ਭਰਤੀ ਵਿੱਚ ਆਂਗਣਵਾੜੀ ਵਰਕਰਾਂ ਨੂੰ 50 ਫੀਸਦੀ ਤਰੱਕੀ ਕੋਟਾ ਦੇਣ ਦੀ ਯੂਨੀਅਨ ਦੀ ਮੰਗ ‘ਤੇ ਵੀ ਚਰਚਾ ਕੀਤੀ ਗਈ। ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਗਿਆ ਕਿ ਇਹ ਮਾਮਲਾ ਇਸ ਸਮੇਂ ਮੁੱਖ ਮੰਤਰੀ ਦੇ ਪੱਧਰ ‘ਤੇ ਵਿਚਾਰ ਅਧੀਨ ਹੈ ਅਤੇ ਇਸ ‘ਤੇ ਉਚਿਤ ਕਾਰਵਾਈ ਲਈ ਯਤਨ ਕੀਤੇ ਜਾਣਗੇ।

ਮਾਣਭੱਤੇ ਦੀ ਸਮੇਂ ਸਿਰ ਅਦਾਇਗੀ ਸਬੰਧੀ ਮੰਤਰੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸਾਰੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਹੀਨਾਵਾਰ ਮਾਣਭੱਤਾ ਹਰ ਮਹੀਨੇ ਦੀ 7 ਤਾਰੀਖ ਤੋਂ ਪਹਿਲਾਂ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਜਾਣਾ ਚਾਹੀਦਾ ਹੈ। ਸਬੰਧਤ ਅਧਿਕਾਰੀ ਅਦਾਇਗੀ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨਾ ਯਕੀਨੀ ਬਣਾਉਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾ ਹੋਵੇ। ਮਾਣਭੱਤੇ ਵਿੱਚ ਵਾਧੇ ਦੀ ਯੂਨੀਅਨ ਦੀ ਮੰਗ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਦੱਸਿਆ ਗਿਆ ਕਿ ਹਰਿਆਣਾ ਪਹਿਲਾਂ ਹੀ ਦੇਸ਼ ਦੇ ਹੋਰ ਰਾਜਾਂ ਦੇ ਮੁਕਾਬਲੇ ਮੁਕਾਬਲਤਨ ਵੱਧ ਮਾਣਭੱਤਾ ਪ੍ਰਦਾਨ ਕਰ ਰਿਹਾ ਹੈ।

ਆਂਗਣਵਾੜੀ ਕੇਂਦਰਾਂ ਦੇ ਸੰਚਾਲਨ ਅਤੇ ਵਿਭਾਗੀ ਯੋਜਨਾਵਾਂ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਾਰੇ ਕੇਂਦਰ ਨਿਰਧਾਰਤ ਮਾਪਦੰਡਾਂ ਅਨੁਸਾਰ ਨਿਯਮਿਤ ਤੌਰ ‘ਤੇ ਖੁੱਲ੍ਹਣ ਅਤੇ ਸੁਚਾਰੂ ਢੰਗ ਨਾਲ ਕੰਮ ਕਰਨ। ਆਂਗਣਵਾੜੀ ਵਰਕਰਾਂ ਨੂੰ ਲਾਭਪਾਤਰੀਆਂ ਦੇ ਘਰਾਂ ਦਾ ਨਿਯਮਿਤ ਦੌਰਾ ਕਰਨ ਅਤੇ ਪੋਸ਼ਣ ਟਰੈਕਰ ‘ਤੇ ਨਿਰਧਾਰਤ ਗਤੀਵਿਧੀਆਂ ਦਾ ਵੇਰਵਾ ਸਮੇਂ ਸਿਰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਗਏ। ਟੇਕ ਹੋਮ ਰਾਸ਼ਨ (ਟੀਐੱਚਆਰ) ਅਤੇ ਗਰਮ ਪਕਾਇਆ ਹੋਇਆ ਭੋਜਨ (ਐੱਚਸੀਐੱਮ) ਸੇਵਾਵਾਂ ਦੀ ਸਹੀ ਅਤੇ ਸਮਾਂਬੱਧ ਰਿਪੋਰਟਿੰਗ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਮੀਟਿੰਗ ਵਿੱਚ ਪੋਸ਼ਣ ਟਰੈਕਰ ‘ਤੇ ਜ਼ਿਲ੍ਹਾਵਾਰ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।

ਆਂਗਣਵਾੜੀ ਕੇਂਦਰਾਂ ਵਿੱਚ ਰਾਸ਼ਨ ਦੀ ਉਪਲਬਧਤਾ ਸਬੰਧੀ ਅਧਿਕਾਰੀਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੇਂਦਰਾਂ ਤੱਕ ਰਾਸ਼ਨ ਦੀ ਸਪਲਾਈ ਅਤੇ ਡਿਲੀਵਰੀ ਦੀ ਨਿਗਰਾਨੀ ਲਈ ਓਟੀਪੀ ਆਧਾਰਿਤ ਪੋਰਟਲ ਵਿਕਸਿਤ ਕੀਤਾ ਗਿਆ ਹੈ। ਇਸ ਪ੍ਰਣਾਲੀ ਦਾ ਉਦੇਸ਼ ਰਾਸ਼ਨ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨਾ ਹੈ। ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਸ ਪੋਰਟਲ ਦੀ ਪ੍ਰਭਾਵਸ਼ਾਲੀ ਵਰਤੋਂ ਕੀਤੀ ਜਾਵੇ, ਤਾਂ ਜੋ ਸਪਲਾਈ ਵਿੱਚ ਹੋਣ ਵਾਲੀ ਦੇਰੀ ਦੀ ਪਛਾਣ ਕਰਕੇ ਸਮੇਂ ਸਿਰ ਹੱਲ ਕੀਤਾ ਜਾ ਸਕੇ ਅਤੇ ਕੋਈ ਵੀ ਲਾਭਪਾਤਰੀ ਆਪਣੇ ਹੱਕ ਦੀਆਂ ਪੋਸ਼ਣ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਸ਼੍ਰੀਮਤੀ ਸ਼੍ਰੁਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਦੇ ਪ੍ਰਸ਼ਾਸਨਿਕ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਸਾਰੇ ਮਾਮਲਿਆਂ ‘ਤੇ ਸਮਾਂਬੱਧ ਕਾਰਵਾਈ ਅਤੇ ਨਿਯਮਿਤ ਫਾਲੋਅੱਪ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਮਾਣਭੱਤੇ ਦੀ ਸਮੇਂ ਸਿਰ ਅਦਾਇਗੀ, ਖਾਲੀ ਅਸਾਮੀਆਂ ਨੂੰ ਭਰਨ, ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਲਾਗੂ ਕਰਨ ਅਤੇ ਆਂਗਣਵਾੜੀ ਕੇਂਦਰਾਂ ਰਾਹੀਂ ਸੇਵਾਵਾਂ ਦੀ ਨਿਰਵਿਘਨ ਉਪਲਬਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਉੱਚ ਪੱਧਰ ‘ਤੇ ਮਨਜ਼ੂਰੀ ਜਾਂ ਵਿਚਾਰ ਦੀ ਲੋੜ ਵਾਲੇ ਮਾਮਲਿਆਂ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਉਚਿਤ ਮਾਧਿਅਮ ਰਾਹੀਂ ਸਮਰੱਥ ਅਧਿਕਾਰੀ ਦੇ ਸਾਹਮਣੇ ਪੇਸ਼ ਕੀਤਾ ਜਾਵੇ।

ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਅਤੇ ਸੇਵਾ ਸ਼ਰਤਾਂ ਨਾਲ ਜੁੜੇ ਉਨ੍ਹਾਂ ਦੇ ਜਾਇਜ਼ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਵਿਭਾਗ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲ ਰਹੇਗਾ। ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੀ ਆਪਣੇ ਫਰਜ਼ਾਂ ਦੀ ਪਾਲਣਾ ਪੂਰੀ ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਕਰਦੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਾਂ ਅਤੇ ਬੱਚੇ ਦੀ ਸਿਹਤ, ਪੋਸ਼ਣ ਅਤੇ ਬਚਪਨ ਦੀ ਮੁੱਢਲੀ ਦੇਖਭਾਲ ਦੇ ਖੇਤਰ ਵਿੱਚ ਸੂਬੇ ਦੇ ਯਤਨਾਂ ਨੂੰ ਸਫਲ ਬਣਾਉਣ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।

ਮੀਟਿੰਗ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼ੇਖਰ ਵਿਦਿਆਰਥੀ, ਡਾਇਰੈਕਟਰ ਡਾ. ਪ੍ਰਿਯੰਕਾ ਸੋਨੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments