Sunday, November 29, 2026
Home Patiala Updates ਠੰਢ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ...

ਠੰਢ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ: ਸਿਵਲ ਸਰਜਨ

0
4
ਪਟਿਆਲਾ, 29 ਨਵੰਬਰ:
ਸਰਦੀ ਦੇ ਮੌਸਮ ਦੀ ਸ਼ੁਰੂਆਤ ਅਤੇ ਤਾਪਮਾਨ ਵਿੱਚ ਲਗਾਤਾਰ ਹੋ ਰਹੀ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਪਟਿਆਲਾ ਵੱਲੋਂ ਲੋਕਾਂ ਨੂੰ ਮੌਸਮ ਵਿੱਚ ਹੋਣ ਵਾਲੀਆਂ ਤਬਦੀਲੀਆਂ ਕਾਰਨ ਪੈਦਾ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਖਾਸ ਕਰਕੇ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀਆਂ ਦਾ ਵਿਸ਼ੇਸ਼ ਧਿਆਨ ਰੱਖਣ।
ਸਿਵਲ ਸਰਜਨ ਡਾ. ਸੈਲੀ ਜੈਤਲੀ ਨੇ ਦੱਸਿਆ ਕਿ ਸਰਦੀਆਂ ਦੌਰਾਨ ਤਾਪਮਾਨ ਵਿੱਚ ਗਿਰਾਵਟ ਕਾਰਨ ਖੰਘ, ਜ਼ੁਕਾਮ, ਬੁਖਾਰ, ਸਾਹ ਦੀਆਂ ਬਿਮਾਰੀਆਂ ਅਤੇ ਨਿਮੋਨੀਆ ਵਰਗੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਠੰਢ ਦਾ ਵਧੇਰੇ ਪ੍ਰਭਾਵ ਛੋਟੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਕਮਜ਼ੋਰ ਰੋਗ ਪ੍ਰਤੀਰੋਧਕ ਸ਼ਕਤੀ ਵਾਲੇ ਵਿਅਕਤੀਆਂ ‘ਤੇ ਪੈ ਸਕਦਾ ਹੈ। ਇਸ ਲਈ ਮੌਸਮ ਦੇ ਅਨੁਸਾਰ ਰਹਿਣ—ਸਹਿਣ ਅਤੇ ਖਾਣ—ਪੀਣ ਵਿੱਚ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ।
ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਸਰੀਰ ਨੂੰ ਠੰਢ ਤੋਂ ਬਚਾਉਣ ਲਈ ਗਰਮ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸਿਰ, ਕੰਨ, ਹੱਥਾਂ ਅਤੇ ਪੈਰਾਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਸ ਕਰਕੇ ਸਵੇਰੇ ਅਤੇ ਦੇਰ ਸ਼ਾਮ ਘਰੋਂ ਬਾਹਰ ਨਿਕਲਣ ਸਮੇਂ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ। ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਠੰਢੀ ਹਵਾ ਦੇ ਸਿੱਧੇ ਸੰਪਰਕ ਵਿੱਚ ਆਉਣ ਤੋਂ ਬਚਾਉਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਸਰਦੀਆਂ ਦੌਰਾਨ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਬਣਾਈ ਰੱਖਣ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣੀ ਚਾਹੀਦੀ ਹੈ। ਭੋਜਨ ਵਿੱਚ ਹਰੀਆਂ ਸਬਜ਼ੀਆਂ, ਮੌਸਮੀ ਫਲ ਅਤੇ ਵਿਟਾਮਿਨਾਂ ਨਾਲ ਭਰਪੂਰ ਖੁਰਾਕ ਸ਼ਾਮਲ ਕਰਨੀ ਚਾਹੀਦੀ ਹੈ। ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦੇਣ ਲਈ ਲੋੜ ਅਨੁਸਾਰ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਿਯਮਿਤ ਕਸਰਤ ਅਤੇ ਸਰੀਰਕ ਗਤੀਵਿਧੀਆਂ ਨੂੰ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਾਹ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਨਿੱਜੀ ਸਫ਼ਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਹੱਥਾਂ ਨੂੰ ਸਾਬਣ ਨਾਲ ਵਾਰ—ਵਾਰ ਧੋਣਾ, ਖੰਘ ਜਾਂ ਛਿੱਕ ਆਉਣ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕਣਾ ਅਤੇ ਬਿਮਾਰ ਵਿਅਕਤੀਆਂ ਦੇ ਨਜ਼ਦੀਕੀ ਸੰਪਰਕ ਤੋਂ ਬਚਣਾ ਚਾਹੀਦਾ ਹੈ।
ਉਨ੍ਹਾਂ ਹੋਰ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਲਗਾਤਾਰ ਖੰਘ, ਬੁਖਾਰ, ਸਾਹ ਲੈਣ ਵਿੱਚ ਤਕਲੀਫ਼, ਛਾਤੀ ਵਿੱਚ ਦਰਦ ਜਾਂ ਬਹੁਤ ਜ਼ਿਆਦਾ ਕਮਜ਼ੋਰੀ ਮਹਿਸੂਸ ਹੋਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ। ਖਾਸ ਕਰਕੇ ਛੋਟੇ ਬੱਚਿਆਂ ਵਿੱਚ ਤੇਜ਼ ਸਾਹ ਆਉਣਾ, ਛਾਤੀ ਦਾ ਅੰਦਰ ਵੱਲ ਧੱਸਣਾ, ਦੁੱਧ ਨਾ ਪੀਣਾ ਜਾਂ ਬਹੁਤ ਜ਼ਿਆਦਾ ਸੁਸਤੀ ਵਰਗੇ ਲੱਛਣ ਦਿਖਾਈ ਦੇਣ ੋਤੇ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਕਿਸੇ ਵੀ ਬਿਮਾਰੀ ਦੀ ਸਥਿਤੀ ਵਿੱਚ ਆਪਣੀ ਮਰਜ਼ੀ ਨਾਲ ਦਵਾਈ ਜਾਂ ਐਂਟੀਬਾਇਓਟਿਕ ਲੈਣ ਦੀ ਬਜਾਏ ਡਾਕਟਰ ਦੀ ਸਲਾਹ ਅਨੁਸਾਰ ਹੀ ਇਲਾਜ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਆਪਣੀ ਸਿਹਤ ਸਬੰਧੀ ਨਿਯਮਿਤ ਜਾਂਚ ਕਰਵਾਉਣ ਅਤੇ ਡਾਕਟਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। ਬੱਚਿਆਂ ਦਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਨਿਰਧਾਰਤ ਸਮੇਂ ਅਨੁਸਾਰ ਪੂਰਾ ਟੀਕਾਕਰਨ ਯਕੀਨੀ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਮੌਸਮੀ ਅਤੇ ਹੋਰ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਸਿਵਲ ਸਰਜਨ ਡਾ. ਸੈਲੀ ਜੈਤਲੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਦੀ ਦੇ ਮੌਸਮ ਵਿੱਚ ਸਿਹਤ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ। ਥੋੜ੍ਹੀ ਜਿਹੀ ਸਾਵਧਾਨੀ, ਸਾਫ਼—ਸਫ਼ਾਈ, ਪੌਸ਼ਟਿਕ ਖੁਰਾਕ ਅਤੇ ਸਮੇਂ ਸਿਰ ਡਾਕਟਰੀ ਸਲਾਹ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਲਗਾਤਾਰ ਯਤਨਸ਼ੀਲ ਹੈ।

LEAVE A REPLY

Please enter your comment!
Please enter your name here