ਚੰਡੀਗੜ੍ਹ: ਬੀਤੇ ਦਿਨ ਪੰਜਾਬ ਵਿੱਚ ਨਸ਼ਿਆਂ ਦੇ ਪੂਰੀ ਤਰ੍ਹਾਂ ਖਾਤਮੇ ਲਈ ਚਲਾਈ ਜਾ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ 332ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 334 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ 35 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 42 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਨਾਲ ਪਿਛਲੇ 332 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 46,606 ਤੱਕ ਪਹੁੰਚ ਗਈ ਹੈ। ਛਾਪੇਮਾਰੀ ਦੌਰਾਨ ਪੁਲਿਸ ਨੇ 2.1 ਕਿਲੋਗ੍ਰਾਮ ਹੈਰੋਇਨ ਅਤੇ 25,400 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼. ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ।
ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਦੇਖ-ਰੇਖ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਰਹੇ। 120 ਤੋਂ ਵੱਧ ਪੁਲਿਸ ਟੀਮਾਂ ਨੇ ਦਿਨ ਭਰ ਚੱਲੀ ਕਾਰਵਾਈ ਦੌਰਾਨ 353 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ।
ਇਸਦੇ ਨਾਲ ਹੀ, ਨਸ਼ਾਖੋਰੀ ਖ਼ਿਲਾਫ਼ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (EDP) ਦੇ ਤਹਿਤ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ “ਗੈਂਗਸਟਰਾਂ ਵਿਰੁੱਧ ਜੰਗ” ਮੁਹਿੰਮ ਵੀ ਜਾਰੀ ਹੈ ਅਤੇ ਇਸਦੇ ਅੱਠਵੇਂ ਦਿਨ ਰਾਜ ਭਰ ਵਿੱਚ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਦਕਿ ਹੋਰ ਜਾਂਚ ਅਜੇ ਵੀ ਜਾਰੀ ਹੈ।






