Home Punjab ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਢੁੱਡੀਕੇ ਨੂੰ ਮਾਡਲ ਪਿੰਡ ਬਣਾਉਣ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਢੁੱਡੀਕੇ ਨੂੰ ਮਾਡਲ ਪਿੰਡ ਬਣਾਉਣ ਦਾ ਐਲਾਨ

0
116

ਢੁੱਡੀਕੇ (ਮੋਗਾ): ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਮਹਾਨ ਆਜ਼ਾਦੀ ਸੰਗਰਾਮੀ ਅਤੇ “ਪੰਜਾਬ ਕੇਸਰੀ” ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਪਿੰਡ ਢੁੱਡੀਕੇ ਨੂੰ ਪੂਰੀ ਤਰ੍ਹਾਂ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਪ੍ਰੋਜੈਕਟ ਅਧੀਨ ਪਿੰਡ ਵਿੱਚ ਸੀਵਰੇਜ ਪ੍ਰਣਾਲੀ, ਛੱਪੜਾਂ ਦਾ ਨਵੀਨੀਕਰਨ, ਆਧੁਨਿਕ ਖੇਡ ਮੈਦਾਨ ਅਤੇ ਹੋਰ ਸਾਰੇ ਬੁਨਿਆਦੀ ਢਾਂਚੇ ਤਿਆਰ ਕੀਤੇ ਜਾਣਗੇ।

71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਯੋਜਨਾਵਾਂ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹੀਆਂ, ਜਦਕਿ ਮੌਜੂਦਾ ਸਰਕਾਰ ਨੇ ਇੱਕ ਸਾਲ ਦੇ ਅੰਦਰ ਜ਼ਮੀਨੀ ਪੱਧਰ ’ਤੇ ਨਤੀਜੇ ਦਿਖਾਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅਗਲੇ ਸਾਲ ਲਾਲਾ ਜੀ ਦੇ ਜਨਮ ਦਿਵਸ ਮੌਕੇ ਉਹ ਖੁਦ ਮੁੜ ਆ ਕੇ ਇਨ੍ਹਾਂ ਸਾਰੇ ਪ੍ਰੋਜੈਕਟਾਂ ਦੀ ਤਕਮੀਲ ਦਾ ਜਾਇਜ਼ਾ ਲੈਣਗੇ।

ਸੁਰੱਖਿਆ ਪ੍ਰੋਟੋਕੋਲ ਨੂੰ ਪਾਸੇ ਰੱਖਦਿਆਂ ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਕਬੱਡੀ ਅਤੇ ਹਾਕੀ ਟੂਰਨਾਮੈਂਟ ਦੇ ਮੈਚ ਦੇਖੇ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨਾਲ ਸੈਲਫੀਆਂ ਖਿੱਚਵਾਈਆਂ ਅਤੇ ਬਜ਼ੁਰਗਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਇੱਕ ਆਮ ਪੰਜਾਬੀ ਸਮਝਦੇ ਹਨ ਅਤੇ ਪੇਂਡੂ ਖੇਡ ਮੇਲੇ ਪੰਜਾਬੀ ਸੱਭਿਆਚਾਰ ਦੀ ਰੂਹ ਹਨ।

ਕਬੱਡੀ ਮੈਚ ਦੌਰਾਨ ਖਿਡਾਰੀਆਂ ਨਾਲ ਹੱਥ ਮਿਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸੀ ਖੇਡਾਂ ਸਾਡੀ ਤਾਕਤ, ਏਕਤਾ ਅਤੇ ਵਿਰਾਸਤ ਦੀ ਪ੍ਰਤੀਕ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਬੱਡੀ, ਬੈਲ ਗੱਡੀਆਂ ਦੀ ਦੌੜ ਅਤੇ ਹੋਰ ਰਵਾਇਤੀ ਖੇਡਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਉਨ੍ਹਾਂ ਐਲਾਨ ਕੀਤਾ ਕਿ 16 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਹੋਣਗੀਆਂ, ਜੋ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਜਾਗਰੂਕ ਕਰਨਗੀਆਂ। ਨਾਲ ਹੀ, ਉਨ੍ਹਾਂ ਲੋਕਾਂ ਨੂੰ 31 ਜਨਵਰੀ ਤੋਂ ਕਿਲਾ ਰਾਏਪੁਰ ਵਿੱਚ ਸ਼ੁਰੂ ਹੋ ਰਹੇ ਮਿੰਨੀ ਓਲੰਪਿਕ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ, ਜਿਸ ਦਾ ਲਾਭ ਲਗਭਗ 65 ਲੱਖ ਪਰਿਵਾਰਾਂ ਨੂੰ ਹੋਵੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੀ ਰਾਜਧਾਨੀ ਅਤੇ ਹਾਈ ਕੋਰਟ ਦੇ ਮੁੱਦੇ ’ਤੇ ਵੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਮੁੜ ਹਾਸਲ ਕਰਨ ਲਈ ਸੰਘਰਸ਼ ਜਾਰੀ ਰੱਖੇਗੀ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਜਹਾਜ਼ ਹਾਦਸੇ ਵਿੱਚ ਹੋਈ ਮੌਤ ’ਤੇ ਡੂੰਘਾ ਦੁੱਖ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜਤਾਈ।

ਇਸ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਦਵਿੰਦਰ ਸਿੰਘ ਲਾਡੀ ਢੋਸ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਅਮਨਦੀਪ ਕੌਰ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

LEAVE A REPLY

Please enter your comment!
Please enter your name here