ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਲੰਧਰ ਦੌਰਾ ਇੱਕ ਦਿਨ ਲਈ ਟੱਲ ਗਿਆ ਹੈ। ਪਹਿਲਾਂ ਇਹ ਦੌਰਾ 1 ਫਰਵਰੀ ਨੂੰ ਨਿਰਧਾਰਤ ਸੀ, ਪਰ ਹੁਣ ਪ੍ਰਧਾਨ ਮੰਤਰੀ 2 ਫਰਵਰੀ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚਣਗੇ।
ਪ੍ਰਾਪਤ ਜਾਣਕਾਰੀ ਮੁਤਾਬਕ, ਪ੍ਰਧਾਨ ਮੰਤਰੀ ਮੋਦੀ ਸ਼ਾਮ 4 ਵਜੇ ਤੋਂ ਬਾਅਦ ਲਗਭਗ 50 ਮਿੰਟ ਲਈ ਡੇਰਾ ਸੱਚਖੰਡ ਬੱਲਾਂ ਵਿੱਚ ਰਹਿਣਗੇ। ਇਸ ਦੌਰਾਨ ਉਹ ਡੇਰਾ ਮੁਖੀ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲੈਣਗੇ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਇਸ ਮੌਕੇ ਉੱਥੇ ਮੌਜੂਦ ਸੰਗਤ ਨੂੰ ਸੰਬੋਧਨ ਵੀ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਡੇਰਾ ਪਰਿਸਰ ਵਿੱਚ ਵਿਸ਼ੇਸ਼ ਤਿਆਰੀਆਂ ਜ਼ੋਰਾਂ ‘ਤੇ ਹਨ। ਜਾਣਕਾਰੀ ਅਨੁਸਾਰ, ਇੱਥੇ ਅਸਥਾਈ ਹੈਲੀਪੈਡ ਤਿਆਰ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਪਹਿਲਾਂ ਆਦਮਪੁਰ ਹਵਾਈ ਅੱਡੇ ‘ਤੇ ਉਤਰੇਗਾ, ਜਿਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਡੇਰਾ ਸੱਚਖੰਡ ਬੱਲਾਂ ਪਹੁੰਚਣਗੇ।
ਗੌਰਤਲਬ ਹੈ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਦੇ ਮੌਕੇ ‘ਤੇ ਡੇਰਾ ਸੱਚਖੰਡ ਬੱਲਾਂ ਵਿੱਚ ਵਿਸ਼ਾਲ ਪੱਧਰ ‘ਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਸਮੇਤ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।
ਪ੍ਰਧਾਨ ਮੰਤਰੀ ਦੇ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਪੂਰੇ ਇਲਾਕੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਦੀ ਯਾਤਰਾ ਨੂੰ ਲੈ ਕੇ ਸੰਗਤਾਂ ਅਤੇ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਵੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਇਹ ਸਮਾਗਮ ਰਾਸ਼ਟਰੀ ਪੱਧਰ ‘ਤੇ ਵਧੇਰੇ ਮਹੱਤਵ ਪ੍ਰਾਪਤ ਕਰੇਗਾ।







