Thursday, September 17, 2026
Home Punjab “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ਾਲ ਜਾਗਰੂਕਤਾ...

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ਾਲ ਜਾਗਰੂਕਤਾ ਅਭਿਆਨ

0
61

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਚਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਸੜਕੀ ਹਾਦਸਿਆਂ ਤੋਂ ਬਚਾਅ ਲਈ ਟਰੈਫਿਕ ਜਾਗਰੂਕਤਾ ਅਭਿਆਨ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਿਰੰਤਰ ਅਤੇ ਵਿਸ਼ਾਲ ਪੱਧਰ ‘ਤੇ ਜਾਗਰੂਕਤਾ ਪ੍ਰੋਗਰਾਮ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ।

ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਇੱਕ ਪਾਸੇ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅੰਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਹੈ, ਜਦਕਿ ਦੂਜੇ ਪਾਸੇ ਨੌਜਵਾਨ ਵਰਗ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਨੂੰ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ।

ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਅਤੇ ਅਵੇਅਰਨੈਸ ਟੀਮਾਂ ਵੱਲੋਂ ਸਕੂਲਾਂ, ਕਾਲਜਾਂ, ਪਿੰਡਾਂ, ਸ਼ਹਿਰੀ ਸੱਥਾਂ, ਟੈਕਸੀ ਸਟੈਂਡਾਂ ਅਤੇ ਟਰਾਂਸਪੋਰਟ ਯੂਨਿਟਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸਮਝਾਇਆ ਗਿਆ ਕਿ ਨਸ਼ੇ ਸਿਰਫ਼ ਸਿਹਤ ਲਈ ਹੀ ਨਹੀਂ, ਸਗੋਂ ਪਰਿਵਾਰਕ, ਸਮਾਜਿਕ ਅਤੇ ਭਵਿੱਖੀ ਜੀਵਨ ਲਈ ਵੀ ਘਾਤਕ ਸਾਬਤ ਹੁੰਦੇ ਹਨ।

ਇਸ ਦੇ ਨਾਲ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਜਾਗਰੂਕ ਕਰਦਿਆਂ ਤੇਜ਼ ਰਫ਼ਤਾਰ, ਬਿਨਾਂ ਹੈਲਮੈਟ, ਸੀਟ ਬੈਲਟ ਦੀ ਅਣਦੇਖੀ ਅਤੇ ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ ਨਾਲ ਹੋਣ ਵਾਲੇ ਘਾਤਕ ਸੜਕੀ ਹਾਦਸਿਆਂ ਦੇ ਨੁਕਸਾਨਾਂ ‘ਤੇ ਜ਼ੋਰ ਦਿੱਤਾ ਗਿਆ।

ਮੁਹਿੰਮ ਤਹਿਤ ਪਿੰਡ ਪੱਧਰ ‘ਤੇ ਸੱਥਾਂ ਵਿੱਚ ਮੀਟਿੰਗਾਂ ਅਤੇ ਸੈਮੀਨਾਰ ਕਰਵਾ ਕੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾ ਰਿਹਾ ਹੈ। ਇਨ੍ਹਾਂ ਦੌਰਾਨ ਮਿਲੀਆਂ ਜਾਣਕਾਰੀਆਂ ਦੇ ਆਧਾਰ ‘ਤੇ CASO ਪ੍ਰੋਗਰਾਮਾਂ, ਨਾਕਾਬੰਦੀਆਂ ਅਤੇ ਰੇਡਾਂ ਰਾਹੀਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ, ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਲਈ ਸਰਪੰਚਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਇਲਾਜ ਅਤੇ ਪੁਨਰਵਾਸ ਦੀ ਵਿਵਸਥਾ ਕੀਤੀ ਜਾ ਰਹੀ ਹੈ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਅਤੇ ਟਰੈਫਿਕ ਉਲੰਘਣਾਵਾਂ ਬਾਰੇ ਜਾਣਕਾਰੀ ਨਿਡਰ ਹੋ ਕੇ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਜ਼ਿਲ੍ਹੇ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।


LEAVE A REPLY

Please enter your comment!
Please enter your name here