Home National ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਆਦਮਪੁਰ ਹਵਾਈ ਅੱਡੇ ਨੂੰ...

ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਆਦਮਪੁਰ ਹਵਾਈ ਅੱਡੇ ਨੂੰ ਨਵਾਂ ਨਾਮ, ਸਾਈਨ ਬੋਰਡ ਲਗਾਏ ਗਏ

0
64

ਪੰਜਾਬ: ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਆਦਮਪੁਰ ਹਵਾਈ ਅੱਡੇ ਨੂੰ ਲੈ ਕੇ ਇੱਕ ਵੱਡਾ ਬਦਲਾਅ ਸਾਹਮਣੇ ਆਇਆ ਹੈ। ਹਵਾਈ ਅੱਡੇ ਦੇ ਕੰਪਲੈਕਸ ਵਿੱਚ “ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ” ਨਾਮ ਵਾਲੇ ਨਵੇਂ ਸਾਈਨ ਬੋਰਡ ਲਗਾਏ ਗਏ ਹਨ, ਜੋ ਦੌਰੇ ਤੋਂ ਪਹਿਲਾਂ ਦੀਆਂ ਤਿਆਰੀਆਂ ਨੂੰ ਦਰਸਾਉਂਦੇ ਹਨ।

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਮੁੱਖ ਧਾਰਮਿਕ ਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ। ਨਿਰਧਾਰਤ ਪ੍ਰੋਗਰਾਮ ਅਨੁਸਾਰ, ਪ੍ਰਧਾਨ ਮੰਤਰੀ ਦੁਪਹਿਰ ਲਗਭਗ 3:45 ਵਜੇ ਆਦਮਪੁਰ ਹਵਾਈ ਅੱਡੇ ’ਤੇ ਪਹੁੰਚਣਗੇ, ਜਿੱਥੇ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਡੇਰਾ ਸੱਚਖੰਡ ਬੱਲਾਂ ਲਈ ਰਵਾਨਾ ਹੋਣਗੇ। ਉੱਥੇ ਉਹ ਲਗਭਗ 40 ਮਿੰਟ ਤੱਕ ਰੁਕਣਗੇ ਅਤੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨਗੇ।

ਦੌਰੇ ਦੌਰਾਨ ਪ੍ਰਧਾਨ ਮੰਤਰੀ ਪੰਜਾਬ ਨੂੰ ਕਈ ਮਹੱਤਵਪੂਰਨ ਤੋਹਫ਼ੇ ਭੇਟ ਕਰਨਗੇ। ਡੇਰਾ ਸੱਚਖੰਡ ਬੱਲਾਂ ਤੋਂ ਹੀ ਉਹ ਆਦਮਪੁਰ ਹਵਾਈ ਅੱਡੇ ਦਾ ਨਾਮ ਸਰਕਾਰੀ ਤੌਰ ’ਤੇ ਬਦਲ ਕੇ “ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ” ਰੱਖਣ ਦਾ ਰਸਮੀ ਐਲਾਨ ਕਰਨਗੇ। ਇਸ ਦੇ ਨਾਲ ਹੀ, ਉਹ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਨਵੇਂ ਟਰਮੀਨਲ ਦਾ ਵਰਚੁਅਲ ਉਦਘਾਟਨ ਵੀ ਕਰਨਗੇ।

ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਲੰਧਰ ਦੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੇ ਦੱਸਿਆ ਕਿ ਪਾਰਟੀ ਆਗੂ ਆਦਮਪੁਰ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਨਗੇ ਅਤੇ ਉਨ੍ਹਾਂ ਦੇ ਨਾਲ ਡੇਰਾ ਸੱਚਖੰਡ ਬੱਲਾਂ ਜਾਣਗੇ।

LEAVE A REPLY

Please enter your comment!
Please enter your name here