ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਥਾਣਾ ਸਦਰ ਅਧੀਨ ਪੈਂਦੇ ਪਿੰਡ ਚਾਂਦੀਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਦੱਸਿਆ ਗਿਆ ਕਿ ਗ੍ਰਿਫ਼ਤਾਰ ਦੋਸ਼ੀ ਦੇ ਕਬਜ਼ੇ ਵਿਚੋਂ 5.507 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਦੇ ਪਾਕਿਸਤਾਨ-ਅਧਾਰਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ।
ਮਾਮਲੇ ਸਬੰਧੀ ਪੁਲਿਸ ਨੇ ਐਫ.ਆਈ.ਆਰ. ਦਰਜ ਕਰ ਲਈ ਹੈ ਅਤੇ ਦੋਸ਼ੀ ਦੇ ਅਗਲੇ ਅਤੇ ਪਿਛਲੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਨਸ਼ਾ ਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।






