ਚੰਡੀਗੜ੍ਹ :ਬੀਤੇ ਦਿਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ਮਾਨਤ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਜੀਠੀਆ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਅਤੇ ਬਾਦਲ ਪਰਿਵਾਰ ਨੇ ਪੂਰੀ ਤਰ੍ਹਾਂ ਇਕੱਲਾ ਛੱਡ ਦਿੱਤਾ ਹੈ।
ਪੰਨੂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਮਗਰੋਂ ਜਦੋਂ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ ਤਾਂ ਉਹ ਭਾਵੇਂ ਵੱਡੇ ਦਾਅਵੇ ਕਰਦੇ ਨਜ਼ਰ ਆਏ, ਪਰ ਹਕੀਕਤ ਇਹ ਹੈ ਕਿ ਉਸ ਸਮੇਂ ਅਕਾਲੀ ਦਲ ਦੀ ਉੱਚ ਲੀਡਰਸ਼ਿਪ ਵਿੱਚੋਂ ਕੋਈ ਵੀ ਉਨ੍ਹਾਂ ਦੇ ਨਾਲ ਨਹੀਂ ਸੀ।
ਉਨ੍ਹਾਂ ਦੱਸਿਆ ਕਿ ਮਜੀਠੀਆ ਦੇ ਨੇੜਲੇ ਰਿਸ਼ਤੇਦਾਰ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੀ ਜੇਲ੍ਹ ਦੇ ਬਾਹਰ ਉਨ੍ਹਾਂ ਨੂੰ ਲੈਣ ਨਹੀਂ ਪਹੁੰਚੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਇੱਕ ਵੀ ਸਾਬਕਾ ਮੰਤਰੀ ਜਾਂ ਸਾਬਕਾ ਵਿਧਾਇਕ ਮੌਕੇ ’ਤੇ ਹਾਜ਼ਰ ਨਹੀਂ ਸੀ, ਜੋ ਸਪੱਸ਼ਟ ਕਰਦਾ ਹੈ ਕਿ ਮਜੀਠੀਆ ਆਪਣੀ ਹੀ ਪਾਰਟੀ ਅਤੇ ਪਰਿਵਾਰ ਵਿੱਚ ਇਕੱਲੇ ਪੈ ਗਏ ਹਨ।







