ਲੰਡਨ : ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਫਿਲਮ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਪੱਤਰ ਵਿੱਚ ਮੰਗ ਕੀਤੀ ਸੀ ਕਿ ਪੰਜਾਬ ਵਿੱਚ ਫਿਲਮ ‘ਐਮਰਜੈਂਸੀ’ ‘ਤੇ ਪਾਬੰਦੀ ਲਗਾਈ ਜਾਵੇ। ਧਾਮੀ ਨੇ ਕਿਹਾ ਸੀ ਕਿ ਫਿਲਮ ਵਿੱਚ 1975 ਦੀ ਐਮਰਜੈਂਸੀ ਦੌਰਾਨ ਸਿੱਖ ਭਾਈਚਾਰੇ ਤੇ ਉਨ੍ਹਾਂ ਦੇ ਸੰਘਰਸ਼ ਨੂੰ ਜਿਸ ਤਰ੍ਹਾਂ ਦਰਸਾਇਆ ਗਿਆ ਹੈ, ਉਹ ਇਤਿਹਾਸਕ ਤੱਥਾਂ ਨਾਲ ਮੇਲ ਨਹੀਂ ਖਾਂਦਾ ਤੇ ਸਿੱਖਾਂ ਦੇ ਅਕਸ ਨੂੰ ਗਲਤ ਢੰਗ ਨਾਲ ਪੇਸ਼ ਕਰਦਾ ਹੈ।
ਹੁਣ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਸਕਰੀਨਿੰਗ ਦੌਰਾਨ ਲੰਡਨ ਯੂਕੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।ਫਿਲਮ ਦੀ ਸਕ੍ਰੀਨਿੰਗ ਦੌਰਾਨ ਪ੍ਰਦਰਸ਼ਨਕਾਰੀ ਹਾਲ ‘ਚ ਪਹੁੰਚ ਗਏ ਅਤੇ ਕੰਗਨਾ ਦੀ ਫਿਲਮ ਦੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਫਿਲਮ ਦੀ ਸਕ੍ਰੀਨਿੰਗ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਸਿਨੇਮਾ ਹਾਲ ‘ਚ ਤਣਾਅ ਵਾਲਾ ਮਾਹੌਲ ਪੈਦਾ ਕਰ ਦਿੱਤਾ। ਇਸ ਘਟਨਾ ਦੇ ਬਾਵਜੂਦ ਬ੍ਰਿਟਿਸ਼ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਯੂਕੇ ਸਰਕਾਰ ਅਤੇ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।