ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਾਲ ਵਿਆਹ ਦੇ 111 ਮਾਮਲੇ ਸਮੇਂ ਸਿਰ ਰੋਕੇ ਗਏ ਹਨ, ਜੋ ਮਾਨ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਜ਼ਿਲ੍ਹਾ ਵਾਰ ਵੇਰਵਾ ਸਾਂਝਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਫਾਜ਼ਿਲਕਾ ਵਿੱਚ ਸਭ ਤੋਂ ਵੱਧ 18 ਮਾਮਲੇ ਰੋਕੇ ਗਏ ਹਨ, ਜਦਕਿ ਮੋਗਾ ਵਿੱਚ 12, ਬਠਿੰਡਾ ਵਿੱਚ 9, ਗੁਰਦਾਸਪੁਰ ਅਤੇ ਮਾਨਸਾ ਵਿੱਚ 8-8, ਤਰਨਤਾਰਨ ਵਿੱਚ 6 ਅਤੇ ਅੰਮ੍ਰਿਤਸਰ, ਕਪੂਰਥਲਾ, ਮੁਕਤਸਰ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 5-5 ਬਾਲ ਵਿਆਹਾਂ ਦੇ ਮਾਮਲੇ ਰੋਕੇ ਗਏ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਵੀ ਕਈ ਮਾਮਲਿਆਂ ਨੂੰ ਸਮੇਂ ਸਿਰ ਰੋਕਿਆ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨਾ ਮਾਨ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਖ਼ਿਲਾਫ਼ ਸਰਕਾਰ ਕਾਨੂੰਨੀ ਸਖ਼ਤੀ ਦੇ ਨਾਲ-ਨਾਲ ਸੰਵੇਦਨਸ਼ੀਲਤਾ ਨਾਲ ਵੀ ਕਾਰਵਾਈ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਬਾਲ ਵਿਆਹ ਰੋਕਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 2076 ਬਾਲ ਵਿਆਹ ਰੋਕਥਾਮ ਅਧਿਕਾਰੀ (CMPOs) ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ CDPO ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਸਿਰਫ਼ ਕਾਨੂੰਨੀ ਉਲੰਘਣਾ ਨਹੀਂ, ਸਗੋਂ ਇਹ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਸੁਪਨਿਆਂ ’ਤੇ ਸਿੱਧਾ ਹਮਲਾ ਹੈ। ਹਰ ਰੋਕਿਆ ਗਿਆ ਬਾਲ ਵਿਆਹ ਇੱਕ ਬੱਚੀ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧਣ ਦਾ ਮੌਕਾ ਦਿੰਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਆਪਣੇ ਆਲੇ-ਦੁਆਲੇ ਬਾਲ ਵਿਆਹ ਸਬੰਧੀ ਕੋਈ ਵੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾਵੇ ਜਾਂ ਨਜ਼ਦੀਕੀ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਸੰਪਰਕ ਕੀਤਾ ਜਾਵੇ।







