ਚੰਡੀਗੜ੍ਹ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਾਰਤੀ ਜਨਤਾ ਪਾਰਟੀ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ‘ਆਪਰੇਸ਼ਨ ਲੋਟਸ’ ਤਹਿਤ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ। ਪਾਰਟੀ ਦਫ਼ਤਰ ਵਿੱਚ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਪ੍ਰੈਸ ਕਾਨਫਰੰਸ ਕਰਦਿਆਂ ਭਰਾਜ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਗਈ ਅਤੇ ਸੰਗਰੂਰ ਤੋਂ ਟਿਕਟ ਦੇਣ ਸਮੇਤ ਮਨਮਰਜ਼ੀ ਦੀਆਂ ਸ਼ਰਤਾਂ ਪੂਰੀਆਂ ਕਰਨ ਦੀ ਗੱਲ ਕੀਤੀ ਗਈ।
ਭਰਾਜ ਨੇ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ ਚੁਣੀਆਂ ਸਰਕਾਰਾਂ ਨੂੰ ਡਿਗਾਉਣ ਲਈ ‘ਆਪਰੇਸ਼ਨ ਲੋਟਸ’ ਚਲਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ 19 ਸਾਲ ਦੀ ਉਮਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੀਆਂ ਸਨ ਅਤੇ ਇੱਕ ਆਮ ਕਿਸਾਨ ਪਰਿਵਾਰ ਦੀ ਧੀ ਨੂੰ 27 ਸਾਲ ਦੀ ਉਮਰ ਵਿੱਚ ਵਿਧਾਇਕ ਬਣਾਉਣ ਦਾ ਮੌਕਾ ਸਿਰਫ਼ ਆਮ ਆਦਮੀ ਪਾਰਟੀ ਨੇ ਦਿੱਤਾ।
ਹਰਿਆਣਾ ਦੇ ਸੀਐਮ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸੈਣੀ ਸਾਹਿਬ ਨੂੰ ਪੰਜਾਬ ਦੀ ਬਜਾਏ ਆਪਣੇ ਸੂਬੇ ਦੇ ਮੁੱਦਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੇ ਵਿਧਾਇਕ ਅਤੇ ਵਰਕਰ ਚੱਟਾਨ ਵਾਂਗ ਪਾਰਟੀ ਨੇਤ੍ਰਿਤਵ ਨਾਲ ਖੜ੍ਹੇ ਹਨ ਅਤੇ ਕਿਸੇ ਵੀ ਲਾਲਚ ਜਾਂ ਦਬਾਅ ਅੱਗੇ ਨਹੀਂ ਝੁਕਣਗੇ।
ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਨਾਕਾਮ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਆਪਣੀ ਅਣਖ ਲਈ ਜਾਣੇ ਜਾਂਦੇ ਹਨ ਅਤੇ ਕੋਈ ਵੀ ਵਿਧਾਇਕ ‘ਵਿਕਾਊ’ ਨਹੀਂ ਹੈ। ਪੰਨੂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਮਾਡਲ ਚੱਲ ਰਿਹਾ ਹੈ, ਜਿਸ ਵਿੱਚ ਮੁਫ਼ਤ ਬਿਜਲੀ ਅਤੇ ਹੋਰ ਲੋਕ-ਭਲਾਈ ਯੋਜਨਾਵਾਂ ਸ਼ਾਮਲ ਹਨ।
ਉਨ੍ਹਾਂ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਸੌਦੇਬਾਜ਼ੀ ਸਫਲ ਨਹੀਂ ਹੋਵੇਗੀ ਅਤੇ ਪਾਰਟੀ 2027 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।






