ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਅੱਜ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਚੰਡੀਗੜ੍ਹ ਵਿੱਚ ਵੀ ਅੰਸ਼ਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਭਾਵੇਂ 17 ਫਰਵਰੀ ਨੂੰ ਵੀ ਇਸੇ ਤਰ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ, ਪਰ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਦਰਜ ਨਹੀਂ ਹੋਇਆ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਰਿਹਾ ਅਤੇ ਮਾਨਸਾ ਵਿੱਚ 29.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ 30–40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ 19 ਫਰਵਰੀ ਤੋਂ 23 ਫਰਵਰੀ ਤੱਕ ਪੰਜਾਬ ਵਿੱਚ ਮੌਸਮ ਮੁੱਖ ਤੌਰ ‘ਤੇ ਸਾਫ਼ ਰਹਿਣ ਦੀ ਉਮੀਦ ਹੈ।






