ਚੰਡੀਗੜ: ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ, ਜਿਸ ਵਿੱਚ ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਹੋਵੇਗੀ।
ਅੱਜ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਵੱਲੋਂ ਮਾਰਚ ਦੇ ਅੱਧ ਤੋਂ ਬਾਅਦ ਬਜਟ ਇਜਲਾਸ ਸੱਦਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਰਕਾਰ ਕਈ ਅਹਿਮ ਫ਼ੈਸਲੇ ਲੈ ਸਕਦੀ ਹੈ। ਸੂਤਰਾਂ ਮੁਤਾਬਕ ਮੰਤਰੀ ਮੰਡਲ ਦੀ ਬੈਠਕ ‘ਚ ਉਦਯੋਗਪਤੀਆਂ ਲਈ ਵੱਡਾ ਐਲਾਨ ਹੋ ਸਕਦਾ ਹੈ। ਬੈਠਕ ‘ਚ ਵਨ ਟਾਈਮ ਸੈਟਲਮੈਂਟ ਸਕੀਮ ਲਿਆਉਣ ਦੇ ਪ੍ਰਸਤਾਵ ‘ਤੇ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਭਰਤੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਦੱਸ ਦੇਈਏ ਕਿ 27 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵੀ ਹੋਈ ਸੀ, ਜਿਸ ‘ਚ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ ‘ਚ ਵੀ ਕੁਝ ਬਦਲਾਅ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਲੈ ਕੇ ਵੀ ਕਈ ਫ਼ੈਸਲੇ ਲਏ ਗਏ। ਅੱਜ ਦੀ ਬੈਠਕ ‘ਚ ਵੀ ਕਈ ਅਹਿਮ ਫ਼ੈੈਸਲਿਆਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।