ਚੰਡੀਗੜ੍ਹ: ਹੋਲੀ ਦੇ ਦਿਨ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ 5 ਮਾਰਚ ਤੱਕ ਤੇਜ਼ ਸਤਹੀ ਹਵਾਵਾਂ ਚੱਲ ਸਕਦੀਆਂ ਹਨ, ਜਿਨ੍ਹਾਂ ਦੀ ਗਤੀ ਕਰੀਬ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਹਾਲਾਂਕਿ ਦਿਨ ਦੌਰਾਨ ਧੁੱਪ ਖਿੜੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ ਲਗਭਗ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵੇਲੇ ਤਾਪਮਾਨ ਆਮ ਨਾਲੋਂ ਕਰੀਬ 5 ਡਿਗਰੀ ਸੈਲਸੀਅਸ ਵੱਧ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 31.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਮੋਹਾਲੀ ਵਿੱਚ ਹਵਾ ਦੀ ਗਤੀ 41 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਗਈ।
ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ 9 ਮਾਰਚ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੀਂਹ ਜਾਂ ਮੌਸਮ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ।
ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ 4 ਅਤੇ 5 ਮਾਰਚ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।






