ਚੰਡੀਗੜ੍ਹ: ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੈਂਗਸਟਰਵਾਦ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਪਰਾਧੀਆਂ ਨੂੰ ਪਨਾਹ ਦੇਣ ਦੀ ਬਜਾਏ ਉਨ੍ਹਾਂ ਨੂੰ ਜੇਲ੍ਹਾਂ ਪਿੱਛੇ ਸੁੱਟਣ ਵਿੱਚ ਵਿਸ਼ਵਾਸ ਰੱਖਦੀ ਹੈ।
ਸੁਖਬੀਰ ਬਾਦਲ ’ਤੇ ਤਨਜ਼
ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ’ਤੇ ਚੁਟਕੀ ਲੈਂਦਿਆਂ, ਜਿਸ ਵਿੱਚ ਉਨ੍ਹਾਂ ਨੇ ਗੈਂਗਸਟਰਾਂ ਨੂੰ ਪੰਜਾਬ ਛੱਡਣ ਲਈ ਕਿਹਾ ਸੀ, ਸੀਐਮ ਮਾਨ ਨੇ ਕਿਹਾ,
“ਸੁਖਬੀਰ ਬਾਦਲ ਦੇ ਕਹਿਣ ਦਾ ਮਤਲਬ ਇਹ ਹੈ ਕਿ ਗੈਂਗਸਟਰੋ ਭੱਜ ਜਾਓ, ਨਹੀਂ ਤਾਂ ਮੈਂ ਤੁਹਾਨੂੰ ਚੋਣ ਲੜਨ ਲਈ ਟਿਕਟਾਂ ਦੇ ਦੇਵਾਂਗਾ ਅਤੇ ਤੁਹਾਡੀ ਜ਼ਮਾਨਤ ਜ਼ਬਤ ਕਰਵਾ ਦਿਆਂਗਾ।”
ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨਾ ਤਾਂ ਗੈਂਗਸਟਰਾਂ ਦੇ ਪਰਿਵਾਰਾਂ ਨੂੰ ਟਿਕਟਾਂ ਦਿੰਦੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਂਦੀ ਹੈ, ਜਦਕਿ ਇਹ ਰਵਾਇਤ ਪਿਛਲੀਆਂ ਸਰਕਾਰਾਂ ਵਿੱਚ ਰਹੀ ਹੈ।
ਰੰਧਾਵਾ ’ਤੇ ਨਿਸ਼ਾਨਾ
ਸੀਐਮ ਮਾਨ ਨੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ’ਤੇ ਹਮਲਾ ਕਰਦਿਆਂ ਉਨ੍ਹਾਂ ਨੂੰ ਗੈਂਗਸਟਰਾਂ ਦਾ “ਸਰਗਣਾ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਸਦਨ ਵਿੱਚ ਗਾਲੀ-ਗਲੋਚ ਕਰਦਾ ਰਿਹਾ ਹੋਵੇ, ਉਹ ਅੱਜ ਸੰਸਦੀ ਮਰਯਾਦਾ ਦੀ ਗੱਲ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਦੋਹਰਾਇਆ ਕਿ ਪੰਜਾਬ ਵਿੱਚ ਗੈਂਗਸਟਰ ਕਲਚਰ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਅਤੇ ਅਪਰਾਧੀਆਂ ਨੂੰ ਮਿਲੀ ਸਿਆਸੀ ਸਰਪ੍ਰਸਤੀ ਕਾਰਨ ਵਧਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਅਪਰਾਧੀਆਂ ਨੂੰ ਵੋਟਾਂ ਲਈ ਵਰਤਣ ਦੀ ਬਜਾਏ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਰਹੀ ਹੈ ਅਤੇ ਜੇਲ੍ਹਾਂ ਵਿੱਚ ਵਿਸ਼ੇਸ਼ ਸਹੂਲਤਾਂ ਦਾ ਦੌਰ ਖਤਮ ਕੀਤਾ ਜਾ ਰਿਹਾ ਹੈ।



