Tuesday, August 25, 2026
Home Punjab ਅੰਮ੍ਰਿਤਸਰ ‘ਚ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਬੇਨਕਾਬ, ਨਾਬਾਲਗ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਬੇਨਕਾਬ, ਨਾਬਾਲਗ ਸਮੇਤ 6 ਗ੍ਰਿਫ਼ਤਾਰ

0
48

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਗੌਰਵ ਯਾਦਵ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪੰਜ 9 ਐਮ.ਐਮ. ਗਲੌਕ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।

ਵਿਦੇਸ਼ੀ ਹੈਂਡਲਰ ਨਾਲ ਸਾਂਝ

ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਇੱਕ ਪੁਰਤਗਾਲ ਅਧਾਰਤ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਵਾਉਂਦਾ ਸੀ। ਮੁਲਜ਼ਮ ਇਹ ਹਥਿਆਰ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਤੱਕ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਖੁਫੀਆ ਇਤਲਾਹ ‘ਤੇ ਕਾਰਵਾਈ

ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪਹਿਲਾਂ ਗੁਰਪ੍ਰੀਤ ਉਰਫ਼ ਗੋਪੀ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਦੋ ਗਲੌਕ ਪਿਸਤੌਲ ਬਰਾਮਦ ਹੋਏ।

ਅਗਲੀ ਕਾਰਵਾਈ ਵਿੱਚ ਮਨੀਸ਼ ਉਰਫ਼ ਜੈਰੀ, ਸਰੂਪ ਉਰਫ਼ ਰੂਪ ਅਤੇ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਹੋਰ ਗਲੌਕ ਪਿਸਤੌਲ ਬਰਾਮਦ ਕੀਤੇ ਗਏ। ਬਾਅਦ ਵਿੱਚ ਵੰਸ਼ ਸ਼ਰਮਾ ਨੂੰ ਦੋ .30 ਬੋਰ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ।

ਪੁਲਿਸ ਮੁਤਾਬਕ ਮਨੀਸ਼ ਉਰਫ਼ ਜੈਰੀ ਪਹਿਲਾਂ ਬਟਾਲਾ ਵਿੱਚ ਪੁਲਿਸ ‘ਤੇ ਗੋਲੀਬਾਰੀ ਮਾਮਲੇ ਵਿੱਚ ਸ਼ਾਮਲ ਰਿਹਾ ਹੈ, ਜਦਕਿ ਸਰੂਪ ਉਰਫ਼ ਰੂਪ ‘ਤੇ ਐਨ.ਡੀ.ਪੀ.ਐਸ. ਐਕਟ ਅਤੇ ਚੋਰੀ ਦੇ ਮਾਮਲੇ ਦਰਜ ਹਨ।

ਇਸ ਸਬੰਧ ਵਿੱਚ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here