ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣਾਉਣ ਲਈ ਵੱਡਾ ਕਦਮ ਚੁੱਕਦਿਆਂ 1 ਅਪ੍ਰੈਲ ਤੋਂ ਸਰਕਾਰੀ ਸਕੂਲਾਂ ਵਿੱਚ ਨਵਾਂ SMS ਅਲਰਟ ਸਿਸਟਮ ਲਾਗੂ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਡਿਜੀਟਲ ਪਹਿਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਸੁਧਾਰ ਕਰਨਾ, ਸਕੂਲਾਂ ਵਿੱਚ ਜਵਾਬਦੇਹੀ ਵਧਾਉਣਾ ਅਤੇ ਮਾਪਿਆਂ ਨੂੰ ਸਿੱਧੇ ਤੌਰ ‘ਤੇ ਸਿੱਖਿਆ ਪ੍ਰਕਿਰਿਆ ਨਾਲ ਜੋੜਨਾ ਹੈ। ਨਵੀਂ ਪ੍ਰਣਾਲੀ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਆਨਲਾਈਨ ਦਰਜ ਕੀਤੀ ਜਾਵੇਗੀ ਅਤੇ ਜਿਵੇਂ ਹੀ ਕੋਈ ਵਿਦਿਆਰਥੀ ਗੈਰਹਾਜ਼ਰ ਦਰਜ ਹੋਵੇਗਾ, ਉਸਦੇ ਮਾਪਿਆਂ ਨੂੰ ਤੁਰੰਤ SMS ਰਾਹੀਂ ਸੂਚਨਾ ਭੇਜੀ ਜਾਵੇਗੀ। ਜੇਕਰ ਕੋਈ ਵਿਦਿਆਰਥੀ ਲਗਾਤਾਰ ਦੋ ਦਿਨ ਗੈਰਹਾਜ਼ਰ ਰਹਿੰਦਾ ਹੈ ਤਾਂ ਸਕੂਲ ਪ੍ਰਸ਼ਾਸਨ ਵੱਲੋਂ ਸਿੱਧਾ ਪਰਿਵਾਰ ਨਾਲ ਸੰਪਰਕ ਕਰਕੇ ਕਾਰਨ ਦੀ ਜਾਂਚ ਕੀਤੀ ਜਾਵੇਗੀ। ਇਹ ਸਾਰੀ ਪ੍ਰਕਿਰਿਆ ਈ-ਪੰਜਾਬ ਪੋਰਟਲ ਦੇ ਨਵੇਂ ਹਾਜ਼ਰੀ ਮੋਡੀਊਲ ਰਾਹੀਂ ਰੀਅਲ ਟਾਈਮ ਵਿੱਚ ਚੱਲੇਗੀ।
ਇਸ ਸਿਸਟਮ ਦੀ ਖਾਸ ਗੱਲ ਇਹ ਹੈ ਕਿ ਹੁਣ ਅਧਿਆਪਕਾਂ ਦੀ ਗੈਰਹਾਜ਼ਰੀ ਵੀ ਲੁਕ ਨਹੀਂ ਸਕੇਗੀ, ਕਿਉਂਕਿ ਜੇਕਰ ਕੋਈ ਅਧਿਆਪਕ ਗੈਰਹਾਜ਼ਰ ਰਹਿੰਦਾ ਹੈ ਤਾਂ ਇਸ ਦੀ ਜਾਣਕਾਰੀ ਵੀ ਮਾਪਿਆਂ ਨੂੰ SMS ਰਾਹੀਂ ਦਿੱਤੀ ਜਾਵੇਗੀ। ਇਸ ਨਾਲ ਸਕੂਲਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਹੋਰ ਮਜ਼ਬੂਤ ਹੋਵੇਗੀ। ਇਸ ਨਵੀਂ ਪਹਿਲ ਬਾਰੇ ਜਾਣਕਾਰੀ ਰਾਜ ਭਰ ਵਿੱਚ ਆਯੋਜਿਤ ਮੈਗਾ ਪੇਰੈਂਟ-ਟੀਚਰ ਮੀਟਿੰਗ ਦੌਰਾਨ ਦਿੱਤੀ ਗਈ, ਜਿਸ ਵਿੱਚ ਲੱਖਾਂ ਮਾਪਿਆਂ ਨੇ ਹਿੱਸਾ ਲਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਦੇਸ਼ ਦੀਆਂ ਸਭ ਤੋਂ ਵੱਡੀਆਂ ਸਕੂਲ-ਕਮਿਊਨਿਟੀ ਜੁੜਾਅ ਮੁਹਿੰਮਾਂ ਵਿੱਚੋਂ ਇੱਕ ਹੈ, ਜਿਸ ਵਿੱਚ ਵਿਦਿਆਰਥੀਆਂ ਦੀ ਪੜਾਈ, ਵਿਵਹਾਰ ਅਤੇ ਸਮੁੱਚੇ ਵਿਕਾਸ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਨਵੀਂ ਪ੍ਰਣਾਲੀ ਤਹਿਤ ਸਕੂਲ ਪ੍ਰਿੰਸੀਪਲਾਂ ਨੂੰ ਨੋਡਲ ਅਫਸਰ ਬਣਾਇਆ ਗਿਆ ਹੈ, ਜੋ ਇਹ ਯਕੀਨੀ ਬਣਾਉਣਗੇ ਕਿ ਹਾਜ਼ਰੀ ਸਮੇਂ ਸਿਰ ਦਰਜ ਹੋਵੇ, ਮਾਪਿਆਂ ਦੇ ਮੋਬਾਈਲ ਨੰਬਰ ਅਪਡੇਟ ਰਹਿਣ ਅਤੇ ਲਗਾਤਾਰ ਗੈਰਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ‘ਤੇ ਨਿਗਰਾਨੀ ਰੱਖੀ ਜਾਵੇ। ਇਹ ਕਦਮ ਪੰਜਾਬ ਸਰਕਾਰ ਦੀ ਸਿੱਖਿਆ ਸੁਧਾਰ ਮੁਹਿੰਮ ਦਾ ਹਿੱਸਾ ਹੈ, ਜਿਸਦਾ ਉਦੇਸ਼ ਸਰਕਾਰੀ ਸਕੂਲਾਂ ਦੀ ਗੁਣਵੱਤਾ ਨੂੰ ਬਿਹਤਰ ਬਣਾਕੇ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਉਣਾ ਹੈ।



