Thursday, July 16, 2026
Home Punjab  ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਨੂੰ 13.74 ਕਰੋੜ ਦੀ ਸਹਾਇਤਾ

 ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਨੂੰ 13.74 ਕਰੋੜ ਦੀ ਸਹਾਇਤਾ

0
27

ਚੰਡੀਗੜ੍ਹ: ਚੰਡੀਗੜ੍ਹ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਲਈ ਵੱਡੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਨੂੰ ਕੁੱਲ 13.74 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਲਾਭਪਾਤਰੀ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।

ਉਨ੍ਹਾਂ ਕਿਹਾ ਕਿ ਇਹ ਸਕੀਮ ਖਾਸ ਤੌਰ ‘ਤੇ ਉਹਨਾਂ ਪਰਿਵਾਰਾਂ ਲਈ ਮਦਦਗਾਰ ਸਾਬਤ ਹੋ ਰਹੀ ਹੈ ਜੋ ਆਰਥਿਕ ਤੰਗੀ ਕਾਰਨ ਧੀਆਂ ਦੇ ਵਿਆਹ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਇਸ ਯੋਜਨਾ ਦੇ ਤਹਿਤ ਪੰਜਾਬ ਦੇ ਕਈ ਜ਼ਿਲ੍ਹਿਆਂ ਜਿਵੇਂ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਵਿੱਚ ਹਜ਼ਾਰਾਂ ਲਾਭਪਾਤਰੀਆਂ ਨੂੰ ਇਸਦਾ ਫਾਇਦਾ ਮਿਲਿਆ ਹੈ।

ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਹਰ ਯੋਗ ਲੜਕੀ ਦੇ ਵਿਆਹ ਲਈ 51,000 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਸਿੱਧੀ ਡੀ.ਬੀ.ਟੀ. ਰਾਹੀਂ ਲਾਭਪਾਤਰੀ ਦੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ ਅਤੇ ਉਹ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਵੇ, ਜਦਕਿ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਲਾਜ਼ਮੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਅਜਿਹੀਆਂ ਯੋਜਨਾਵਾਂ ਨੂੰ ਲਾਗੂ ਕਰ ਰਹੀ ਹੈ।

LEAVE A REPLY

Please enter your comment!
Please enter your name here