Tuesday, July 14, 2026
Home Punjab ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ, ਅੰਮ੍ਰਿਤਸਰ ਪੁਲਿਸ ਵੱਲੋਂ 4.13 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ, ਅੰਮ੍ਰਿਤਸਰ ਪੁਲਿਸ ਵੱਲੋਂ 4.13 ਕਿਲੋ ਹੈਰੋਇਨ ਬਰਾਮਦ

0
38

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 4.13 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਅਤੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਬਾਰੇ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਤਿਸ਼ ਸੁਮਨ (22), ਵਸਨੀਕ ਪਲਾਹੀ ਗੇਟ ਫਗਵਾੜਾ, ਅਤੇ ਸਵਿੰਦਰ ਸਿੰਘ ਉਰਫ਼ ਸੁੰਦਰੀ (28), ਵਸਨੀਕ ਪਿੰਡ ਬੋਪਾਰਾਏ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਮੁਲਜ਼ਮ ਯੂਰਪ ਅਧਾਰਤ ਹੈਂਡਲਰਾਂ ਅਤੇ ਜੇਲ੍ਹ ਵਿੱਚ ਬੰਦ ਕਾਰਕੁਨਾਂ ਨਾਲ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਵਾ ਕੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਪਲਾਈ ਕਰਵਾਉਂਦੇ ਸਨ।

ਦੋਵੇਂ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ ਅਤੇ ਪੁਲਿਸ ਵੱਲੋਂ ਪੂਰੇ ਨੈੱਟਵਰਕ ਦਾ ਖੁਲਾਸਾ ਕਰਨ ਲਈ ਅਗਲੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੇ ਵੇਰਵੇ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਹਿਲਾਂ ਆਤਿਸ਼ ਸੁਮਨ ਨੂੰ 220 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ, ਜਿਸ ਤੋਂ ਪੁੱਛਗਿੱਛ ਦੌਰਾਨ 670 ਗ੍ਰਾਮ ਹੋਰ ਹੈਰੋਇਨ ਬਰਾਮਦ ਹੋਈ ਅਤੇ ਕੁੱਲ ਬਰਾਮਦਗੀ 890 ਗ੍ਰਾਮ ਹੋ ਗਈ। ਇਸ ਦੇ ਬਾਅਦ ਉਸਦੇ ਖੁਲਾਸੇ ‘ਤੇ ਸਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਤੋਂ 3.24 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਸੰਭਾਵਨਾ ਹੈ। ਇਸ ਸਬੰਧੀ ਪੁਲਿਸ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 64 ਮਿਤੀ 27-03-2026 ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here