HomePunjabਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ, 16.8 ਕਿਲੋ ਹੈਰੋਇਨ ਸਮੇਤ ਪਾਕਿਸਤਾਨ-ਸਮਰਥਿਤ ਮਾਡਿਊਲ ਬੇਨਕਾਬ

ਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ, 16.8 ਕਿਲੋ ਹੈਰੋਇਨ ਸਮੇਤ ਪਾਕਿਸਤਾਨ-ਸਮਰਥਿਤ ਮਾਡਿਊਲ ਬੇਨਕਾਬ

ਚੰਡੀਗੜ੍ਹ/ਫਗਵਾੜਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ ਦੋਸ਼ੀਆਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਮਾਰੂਤੀ ਬਲੀਨੋ ਕਾਰ ਵੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਤਸਕਰੀ ਨੈੱਟਵਰਕ ਪਾਕਿਸਤਾਨ ਅਤੇ ਦੁਬਈ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ ਅਤੇ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਅੰਮ੍ਰਿਤਸਰ ਸਰਹੱਦੀ ਇਲਾਕੇ ਤੋਂ ਲਿਆਂਦੀ ਗਈ ਸੀ, ਜਿਸਦੀ ਡਿਲੀਵਰੀ ਚੰਡੀਗੜ੍ਹ ਵਿੱਚ ਕੀਤੀ ਜਾਣੀ ਸੀ।

ਐਸਐਸਪੀ ਕਪੂਰਥਲਾ ਗੋਰਵ ਤੂਰਾ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ ‘ਤੇ ਫਗਵਾੜਾ ਪੁਲਿਸ ਵੱਲੋਂ ਰਣਨੀਤਕ ਅਪਰੇਸ਼ਨ ਚਲਾਇਆ ਗਿਆ। ਜਦੋਂ ਸ਼ੱਕੀ ਵਿਅਕਤੀਆਂ ਦੀ ਗੱਡੀ ਨੂੰ ਰੋਕਿਆ ਗਿਆ ਤਾਂ ਦੋਸ਼ੀਆਂ ਨੇ ਪੁਲਿਸ ਪਾਰਟੀ ਉੱਤੇ ਗੱਡੀ ਚੜਾਉਣ ਦੀ ਕੋਸ਼ਿਸ਼ ਕਰਦਿਆਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਤੇਜ਼ੀ ਨਾਲ ਪਿੱਛਾ ਕਰਦਿਆਂ ਗੱਡੀ ਦੇ ਟਾਇਰਾਂ ‘ਤੇ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਬਾਅਦ ਵਿੱਚ ਗੱਡੀ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ।

ਪੁਲਿਸ ਨੇ ਇਸ ਮਾਮਲੇ ਵਿੱਚ ਥਾਣਾ ਸਦਰ ਫਗਵਾੜਾ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ ਬੀਐਨਐਸ ਦੀ ਧਾਰਾ 111 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਹੋਰ ਅੱਗੇ-ਪਿੱਛੇ ਦੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ, ਤਾਂ ਜੋ ਪੂਰੇ ਨੈੱਟਵਰਕ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments