ਮਾਲੇਰਕੋਟਲਾ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀ ਵਰਗ ਨਾਲ ਜੁੜੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਗੰਭੀਰਤਾ ਨਾਲ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਵੱਖ- ਵੱਖ ਵਿਭਾਗਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦਾ ਨਿਪਟਾਰਾ ਪ੍ਰਾਥਮਿਕਤਾ ਦੇ ਆਧਾਰ ‘ਤੇ ਅਤੇ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਹੂਲਤਾਂ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਕਿਸਮ ਦੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦੇ ਹੋਏ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਵਪਾਰੀਆਂ ਨਾਲ ਜੁੜੇ ਮਾਮਲਿਆਂ ਵਿੱਚ ਜਵਾਬਦੇਹੀ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਜਾਵੇ ਅਤੇ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਏ।
ਮੀਟਿੰਗ ਦੌਰਾਨ ਪਾਰਕਿੰਗ ਪ੍ਰਬੰਧ, ਸ਼ਹਿਰ ਦੀ ਸਾਫ-ਸਫਾਈ ਅਤੇ ਪਾਣੀ ਦੀ ਨਿਕਾਸੀ, ਸੀਵਰੇਜ ਸਿਸਟਮ, ਸਟਰੀਟ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਿਤ ਟਰੇਡ ਯੂਨੀਅਨ ਦੀ ਸਮੱਸਿਆਵਾਂ ਦੇ ਨਿਪਟਾਰੇ ਲਈ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ। ਇਸ ਤੋਂ ਇਲਾਵਾ ਬਿਜਲੀ ਤਾਰਾਂ ਦੀ ਮੁਰੰਮਤ ਅਤੇ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਈ ਵੀ ਸਬੰਧਿਤ ਵਿਭਾਗਾਂ ਨੂੰ ਲਾਜ਼ਮੀ ਕਦਮ ਚੁੱਕਣ ਲਈ ਕਿਹਾ ਗਿਆ।
ਇਸ ਮੌਕੇ ਡੀ.ਐੱਸ.ਪੀ ਬਿਕਰਮਜੀਤ ਸਿੰਘ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਸਮੇਤ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।








