ਬੁਢਲਾਡਾ/ਮਾਨਸਾ:
ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਹਲਕਾ ਬੁਢਲਾਡਾ ਦੇ ਸਰਕਾਰੀ ਸਕੂਲਾਂ ਵਿਚ ਵੱਡੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਯਤਨਾਂ ਸਦਕਾ ਇਲਾਕੇ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਪੁਰ ਮੰਦਰਾਂ ਅਤੇ ਸਰਕਾਰੀ ਹਾਈ ਸਕੂਲ ਦਲੇਲ ਵਾਲਾ ਵਿਖੇ ਤਿਆਰ ਕੀਤੇ ਗਏ ਆਧੁਨਿਕ ਕਮਰਿਆਂ ਦਾ ਉਦਘਾਟਨ ਮਾਰਕੀਟ ਕਮੇਟੀ ਬੋਹਾ ਦੇ ਚੇਅਰਮੈਨ ਰਣਜੀਤ ਸਿੰਘ ਫਰੀਦਕੇ ਵਲੋਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਨੂੰ ਵਿਸ਼ਵ ਦੇ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਨਵੇਂ ਕਲਾਸ ਰੂਮਾਂ ਨਾਲ ਵਿਦਿਆਰਥੀਆਂ ਨੂੰ ਸੁਖਦਾਈ ਅਤੇ ਤਕਨੀਕੀ ਮਾਹੌਲ ਵਿੱਚ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ।
ਇਸ ਮੌਕੇ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ, ਜਸਵੀਰ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜੁਗਰਾਜ ਸਿੰਘ ਸਰਪੰਚ, ਖੁਸ਼ਪ੍ਰੀਤ ਕੌਰ ਸਰਪੰਚ, ਚੇਅਰਮੈਨ ਜੱਸਾ ਸਿੰਘ, ਚੇਅਰਮੈਨ ਇੰਦਰਜੀਤ ਸਿੰਘ, ਸੁਖਪਾਲ ਸਿੰਘ ਪ੍ਰਧਾਨ, ਮੁੱਖ ਅਧਿਆਪਕ ਗੁਰਜੰਟ ਸਿੰਘ, ਪਿਆਰਾ ਸਿੰਘ ਗੁਰਨੇ ਅਤੇ ਨਵਨੀਤ ਕੱਕੜ ਹਾਜ਼ਰ ਸਨ।








