ਦਿੱਲੀ ਸਰਕਾਰ ਸ਼ਹਿਰ ਵਿੱਚ ਚੱਲ ਰਹੇ ਕੋਚਿੰਗ ਸੈਂਟਰਾਂ ਨੂੰ ਨਿਯਮਤ ਕਰਨ ਲਈ ਇੱਕ ਕਾਨੂੰਨ ਲਿਆਵੇਗੀ। ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਰਾਜਧਾਨੀ ਦੇ ਪੁਰਾਣੇ ਰਾਜੇਂਦਰ ਨਗਰ ਇਲਾਕੇ ਵਿੱਚ ਪਿਛਲੇ ਹਫ਼ਤੇ ਇੱਕ ਕੋਚਿੰਗ ਸੈਂਟਰ ਦੀ ਇਮਾਰਤ ਦੇ ਬੇਸਮੈਂਟ ਵਿੱਚ ਮੀਂਹ ਦਾ ਪਾਣੀ ਭਰ ਜਾਣ ਕਾਰਨ ਸਿਵਲ ਸੇਵਾਵਾਂ ਦੇ ਤਿੰਨ ਉਮੀਦਵਾਰਾਂ ਦੀ ਮੌਤ ਹੋ ਗਈ ਸੀ। ਆਤਿਸ਼ੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਰਕਾਰ ਕਾਨੂੰਨ ਬਣਾਉਣ ਲਈ ਇੱਕ ਕਮੇਟੀ ਬਣਾਏਗੀ, ਜਿਸ ਵਿੱਚ ਸਰਕਾਰੀ ਅਧਿਕਾਰੀ ਅਤੇ ਵੱਖ-ਵੱਖ ਕੋਚਿੰਗ ਕੇਂਦਰਾਂ ਦੇ ਉਮੀਦਵਾਰ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ “ਕਾਨੂੰਨ ਵਿੱਚ ਬੁਨਿਆਦੀ ਢਾਂਚੇ, ਅਧਿਆਪਕਾਂ ਦੀ ਯੋਗਤਾ, ਫੀਸ ਨਿਯਮ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਪ੍ਰਸਾਰ ਨੂੰ ਰੋਕਣ ਦੇ ਉਪਬੰਧ ਹੋਣਗੇ ।” ਲੋਕਾਂ ਦੀ ਫੀਡਬੈਕ ਵੀ ਮੰਗੀ ਜਾਵੇਗੀ। ਆਤਿਸ਼ੀ ਨੇ ਕਿਹਾ ਕਿ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਨੇ ਕਾਨੂੰਨਾਂ ਦੀ ਉਲੰਘਣਾ ਕਰਦੇ ਹੋਏ ‘ਬੇਸਮੈਂਟ’ ਦੀ ਵਰਤੋਂ ਕਰਨ ਵਾਲੇ ਕੋਚਿੰਗ ਸੈਂਟਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ, ‘ਰਾਜੇਂਦਰ ਨਗਰ, ਮੁਖਰਜੀ ਨਗਰ, ਲਕਸ਼ਮੀ ਨਗਰ ਅਤੇ ਪ੍ਰੀਤ ਵਿਹਾਰ ਵਿੱਚ 30 ਕੋਚਿੰਗ ਸੈਂਟਰਾਂ ਦੀਆਂ ਬੇਸਮੈਂਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ, ਜਦੋਂ ਕਿ 200 ਹੋਰ ਕੋਚਿੰਗ ਕੇਂਦਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।’