ਮਾਲੇਰਕੋਟਲਾ :
ਸਕੂਲ ਵਿਜ਼ਟ ਪ੍ਰੋਗਰਾਮ ਦੇ ਤਹਿਤ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਭਵਿੱਖ ਲਈ ਮੱਤਵਪੂਰਨ ਨੁਕਤੇ ਸਾਂਝੇ ਕੀਤੇ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਜੇ.ਈ.ਈ, ਆਈ.ਆਈ.ਟੀ. ਅਤੇ ਹੋਰ ਪੇਸ਼ੇਵਰ ਕੋਰਸਾਂ ਲਈ ਤਿਆਰੀ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਅਭਿਆਸ ਦੀ ਮਹੱਤਤਾ ਸਮਝਾਉਂਦਿਆਂ ਕਿਹਾ ਕਿ ਸਹੀ ਦਿਸ਼ਾ ਅਤੇ ਮਿਹਨਤ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਸਥਾਪਿਤ ਸਕਿਲ ਡਿਵਲੈਪਮੈਂਟ ਲੈਬ, ਹੈਲਥ ਕੇਅਰ ਲੈਬ ਅਤੇ ਲਿਸਨਿੰਗ ਲੈਬ ਦਾ ਵੀ ਮੁਆਇਨਾ ਕੀਤਾ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕੀਤੀ। ਸਕੂਲ ਇੰਚਾਰਜ ਰਮਨਦੀਪ ਕੌਰ ਵੱਲੋਂ ਇਨ੍ਹਾਂ ਲੈਬਾਂ ਦੀ ਵਰਤੋਂ ਅਤੇ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਆਈ.ਆਈ.ਟੀ. ਅਹਿਮਦਾਬਾਦ ਅਤੇ ‘ਸਾਰਥੀ’ ਐੱਪ ਦੀ ਸਹਾਇਤਾ ਨਾਲ ਸਕੂਲ ਸਮੇਂ ਤੋਂ ਬਾਅਦ ਵੀ ਵਿਦਿਆਰਥੀਆਂ ਨੂੰ ਪੇਸ਼ੇਵਰ ਕੋਰਸਾਂ ਲਈ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਿੱਚ ਮਦਦ ਮਿਲ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਮਿਡ-ਡੇ ਮੀਲ ਦੀ ਵੀ ਜਾਂਚ ਕੀਤੀ ਅਤੇ ਗੈਸ ਸਪਲਾਈ ਸਮੇਤ ਹੋਰ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਮਿਆਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਸਕੂਲ ਵਿੱਚ ਵਿਦਿਆਰਥਣਾਂ ਦੀ ਸੁਰੱਖਿਅਤ ਆਵਾਜਾਈ ਲਈ ਬੱਸ ਸਹੂਲਤ ਉਪਲਬੱਧ ਕਰਵਾਉਣ ਲਈ ਪਿੰਡ ਅਤੇ ਵਿਦੇਸ਼ ਵਿੱਚ ਵਸਦੇ ਭਾਈਚਾਰੇ ਵੱਲੋਂ ਦਿੱਤੇ ਸਹਿਯੋਗ ਦੀ ਵੀ ਸਰਾਹਨਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰੀ ਸਿੱਖਿਆ ਦੇਣ ਲਈ ਇਹ ਉਪਰਾਲੇ ਸਰਾਹਣਾਯੋਗ ਹਨ ਅਤੇ ਇਨ੍ਹਾਂ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਮਿਲੇਗੀ।



