ਪਟਿਆਲਾ: ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ।
ਸਾਵਧਾਨੀ ਦੇ ਤੌਰ ‘ਤੇ ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਤੁਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਅਤੇ ਮਾਪਿਆਂ ਨੂੰ ਸੂਚਿਤ ਕੀਤਾ ਗਿਆ। ਕੁਝ ਹੀ ਸਮੇਂ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ।
ਪੁਲਿਸ ਵੱਲੋਂ ਸਕੂਲ ਦੇ ਹਰ ਕੋਨੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਖ਼ਤਰੇ ਨੂੰ ਟਾਲਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ‘ਤੇ ਵੀ ਧਮਾਕਾ ਹੋਇਆ ਸੀ, ਜਿਸ ਵਿੱਚ ਇੱਕ ਸ਼ੱਕੀ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਅਤੇ ਰੇਲਵੇ ਸਟੇਸ਼ਨਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ।







