ਪਟਿਆਲਾ, 30 ਅਪ੍ਰੈਲ:
ਪਟਿਆਲਾ ਸ਼ਹਿਰ ਵਿੱਚ ਪੰਜਾਬ ਟ੍ਰੇਡ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪਟਿਆਲਾ ਹਲਕਾ ਦੇ ਚੇਅਰਮੈਨ ਪੁਨੀਤ ਬੁੱਧੀਰਾਜਾ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਦੌਰਾਨ ਕਿਲਾ ਚੌਂਕ, ਗੁੜ ਮੰਡੀ ਅਤੇ ਸਰਹੰਦੀ ਬਾਜ਼ਾਰ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੌਕੇ ‘ਤੇ ਬੁਲਾ ਕੇ ਵਪਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਹਲਕਾ ਕਮਿਸ਼ਨ ਮੈਂਬਰ ਨਰੇਸ਼ ਵਰਮਾ ਅਤੇ ਇਸ਼ਟਪਾਲ ਸਿੰਘ ਵੀ ਮੌਜੂਦ ਰਹੇ। ਵਪਾਰੀਆਂ ਵੱਲੋਂ ਉਠਾਈਆਂ ਗਈਆਂ ਮੁੱਖ ਸਮੱਸਿਆਵਾਂ ਵਿੱਚ ਟ੍ਰੈਫਿਕ ਪ੍ਰਬੰਧਨ, ਸਫਾਈ, ਪਾਰਕਿੰਗ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਮਸਲੇ ਸ਼ਾਮਲ ਸਨ। ਅਧਿਕਾਰੀਆਂ ਨੇ ਮੌਕੇ ‘ਤੇ ਹੀ ਕਈ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ, ਜਦਕਿ ਕੁਝ ਮਸਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਚੇਅਰਮੈਨਾਂ ਨੇ ਕਿਹਾ ਕਿ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ਹੱਲ ਵੀ ਜਲਦ ਕੀਤਾ ਜਾਵੇਗਾ ਤਾਂ ਜੋ ਇਲਾਕੇ ਵਿੱਚ ਵਪਾਰਕ ਗਤੀਵਿਧੀਆਂ ਸੁਚਾਰੂ ਢੰਗ ਨਾਲ ਜਾਰੀ ਰਹਿ ਸਕਣ।








