Home Punjab Mansa ਖੇਤੀਬਾੜੀ ਵਿਕਾਸ ਅਧਿਕਾਰੀ ਕਿਸਾਨਾਂ ਨੂੰ ‘ਵਾਤਾਵਰਣ ਦੇ ਰਾਖੇ’ ਬਣਨ ਲਈ ਉਤਸ਼ਾਹਿਤ ਕਰਨ:...

ਖੇਤੀਬਾੜੀ ਵਿਕਾਸ ਅਧਿਕਾਰੀ ਕਿਸਾਨਾਂ ਨੂੰ ‘ਵਾਤਾਵਰਣ ਦੇ ਰਾਖੇ’ ਬਣਨ ਲਈ ਉਤਸ਼ਾਹਿਤ ਕਰਨ: ਡਿਪਟੀ ਕਮਿਸ਼ਨਰ

0
32

ਮਾਨਸਾ, 1 ਮਈ:

ਡੀ.ਸੀ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਵੱਲੋਂ ਖੇਤੀਬਾੜੀ ਵਿਕਾਸ ਅਧਿਕਾਰੀਆਂ ਨਾਲ ਮੀਟਿੰਗ

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਵਾਉਣ ਦੇ ਨਿਰਦੇਸ਼

ਕਣਕ ਦੀ ਨਾੜ ਨੂੰ ਸਾੜਨ ਦੀ ਪ੍ਰਥਾ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਵੱਲੋਂ ਖੇਤੀਬਾੜੀ ਵਿਕਾਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਖੇਤਾਂ ਵਿੱਚ ਫ਼ਸਲ ਦੀ ਕਟਾਈ ਮਗਰੋਂ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਫੀਲਡ ਵਿੱਚ ਸਰਗਰਮ ਰਹਿਣ ਦੇ ਹੁਕਮ ਦਿੱਤੇ ਗਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਖੇਤੀਬਾੜੀ ਵਿਕਾਸ ਅਧਿਕਾਰੀ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜੇ ਹੋਏ ਹਨ, ਇਸ ਲਈ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ‘ਵਾਤਾਵਰਣ ਦੇ ਰਾਖੇ’ ਬਣਨ ਲਈ ਪ੍ਰੇਰਿਤ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਪੱਧਰ ‘ਤੇ ਕਿਸਾਨਾਂ ਨਾਲ ਆਪਸੀ ਤਾਲਮੇਲ ਵਧਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਵਾਤਾਵਰਣ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਬਾਰੇ ਸਮਝਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਅਤੇ ਨਾੜ ਨੂੰ ਸਾੜਨ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਆਧੁਨਿਕ ਮਸ਼ੀਨਰੀ ਅਤੇ ਸਰਕਾਰੀ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਹੋਰ ਸਹੂਲਤਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਣਾ ਚਾਹੀਦਾ ਹੈ।

ਇਸ ਮੌਕੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿੱਥੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਉੱਥੇ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਫੀਲਡ ਵਿੱਚ ਨਿਗਰਾਨੀ ਵਧਾਉਣ ਅਤੇ ਕਿਸਾਨਾਂ ਨੂੰ ਅੱਗ ਲਗਾਉਣ ਦੇ ਕਾਨੂੰਨੀ ਨਤੀਜਿਆਂ ਬਾਰੇ ਵੀ ਸੁਚੇਤ ਕਰਨ।

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ  ਗਿਆ ਕਿ ਉਹ ਨਿੱਜੀ ਤੌਰ ‘ਤੇ ਪਿੰਡਾਂ ਦਾ ਦੌਰਾ ਕਰਨ ਅਤੇ ਕਿਸਾਨਾਂ ਨੂੰ ਇਹ ਵਿਸ਼ਵਾਸ ਦਿਵਾਉਣ ਕਿ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਜੇਕਰ ਕਿਸਾਨ ਨਾੜ ਨੂੰ ਖੇਤ ਵਿੱਚ ਹੀ ਵਾਹ ਕੇ ਜਾਂ ਹੋਰ ਤਰੀਕਿਆਂ ਨਾਲ ਸੰਭਾਲਦੇ ਹਨ, ਤਾਂ ਇਸ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਣ ਤੋਂ ਬਚੇਗਾ ਬਲਕਿ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਮਾਨਸਾ ਬਲਜੀਤ ਕੌਰ, ਐਸ.ਡੀ.ਐਮ ਬੁਢਲਾਡਾ ਗਗਨਦੀਪ ਸਿੰਘ, ਐਸ.ਡੀ.ਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ.ਪੀ ਪ੍ਰਦੀਪ ਸਿੰਘ, ਡੀ.ਐਸ.ਪੀਜ਼, ਐਸ.ਡੀ.ਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਮੇਤ ਸਮੂਹ ਖੇਤੀਬਾੜੀ ਵਿਕਾਸ ਅਫਸਰ ਮੌਜੂਦ ਸਨ।

LEAVE A REPLY

Please enter your comment!
Please enter your name here