ਲੁਧਿਆਣਾ, 3 ਮਈ 2026
1 ਮਈ ਮਜ਼ਦੂਰ ਦਿਵਸ ਦੇ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਸੈਸ਼ਨ ਦੀ ਸ਼ੁਰੂਆਤ ਸ਼ਿਕਾਗੋ ਦੇ ਮਜ਼ਦੂਰ ਅੰਦੋਲਨ ਦੌਰਾਨ ਸ਼ਹੀਦ ਹੋਏ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ, ਜਿਨ੍ਹਾਂ ਨੇ ਮਜ਼ਦੂਰ ਵਰਗ ਦੇ ਹੱਕਾਂ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਸਨ।
ਇਸ ਵਿਸ਼ੇਸ਼ ਸੈਸ਼ਨ ਦੌਰਾਨ ਲੇਬਰ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਵੱਲੋਂ ਮਜ਼ਦੂਰਾਂ ਦੀ ਬੇਸਿਕ ਤਨਖਾਹ ਵਿੱਚ 15 ਪ੍ਰਤੀਸ਼ਤ ਵਾਧਾ ਕਰਨ ਸਬੰਧੀ ਮਤਾ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਇਸ ਮਤੇ ਨੂੰ ਸਾਰੇ ਵਿਧਾਇਕਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜਿਸ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਇਤਿਹਾਸਕ ਫੈਸਲੇ ਦਾ ਅਧਿਕਾਰਿਕ ਐਲਾਨ ਕਰਦੇ ਹੋਏ ਇਸ ‘ਤੇ ਮੋਹਰ ਲਗਾਈ ਗਈ।
ਜ਼ਿਕਰਯੋਗ ਹੈ ਕਿ ਸਰਕਾਰੀ ਤੇ ਗੈਰ ਸਰਕਾਰੀ ਮਜ਼ਦੂਰਾਂ ਦੀਆਂ ਮੂਲ ਤਨਖਾਹਾਂ ਵਿੱਚ ਇਹ ਵਾਧਾ ਲਗਭਗ 13 ਸਾਲਾਂ ਬਾਅਦ ਕੀਤਾ ਗਿਆ ਹੈ। ਲੰਮੇ ਸਮੇਂ ਤੋਂ ਮਜ਼ਦੂਰ ਵਰਗ ਇਸ ਮੰਗ ਨੂੰ ਲੈ ਕੇ ਉਡੀਕ ਕਰ ਰਿਹਾ ਸੀ। ਪੰਜਾਬ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਮਜ਼ਦੂਰ ਵਰਗ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਉਹਨਾਂ ਦੀ ਜ਼ਿੰਦਗੀ ਦੇ ਮਿਆਰ ਨੂੰ ਵੀ ਉੱਚਾ ਚੁੱਕੇਗਾ।
ਇਸ ਮੌਕੇ ਲੇਬਰ ਬੋਰਡ ਪੰਜਾਬ ਦੇ ਮੈਂਬਰ ਅਜੈ ਮਿੱਤਲ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਲੇਬਰ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਆਮ ਲੋਕਾਂ ਅਤੇ ਮਜ਼ਦੂਰ ਵਰਗ ਦੀ ਭਲਾਈ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿਰਫ਼ ਤਨਖਾਹ ਵਿੱਚ ਵਾਧਾ ਨਹੀਂ, ਸਗੋਂ ਮਜ਼ਦੂਰਾਂ ਦੇ ਸਨਮਾਨ ਅਤੇ ਉਹਨਾਂ ਦੀ ਮਿਹਨਤ ਦੀ ਕਦਰ ਦਾ ਪ੍ਰਤੀਕ ਹੈ।
ਉਹਨਾਂ ਨੇ ਕਿਹਾ ਕਿ ਪੰਜਾਬ ਦਾ ਮਜ਼ਦੂਰ ਵਰਗ ਸੂਬੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਰਕਾਰ ਵੱਲੋਂ ਲਿਆ ਗਿਆ ਇਹ ਇਤਿਹਾਸਕ ਫੈਸਲਾ ਮਜ਼ਦੂਰਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਕਰੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਮਜ਼ਦੂਰਾਂ ਦੇ ਹੱਕਾਂ ਅਤੇ ਭਲਾਈ ਲਈ ਇਸੇ ਤਰ੍ਹਾਂ ਦੇ ਹੋਰ ਲੋਕ-ਹਿਤੈਸ਼ੀ ਫੈਸਲੇ ਲਏ ਜਾਣ ਦੀ ਉਮੀਦ ਹੈ। ਅੱਜ ‘ਮਜ਼ਦੂਰ ਦਿਵਸ’ ‘ਤੇ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਜੁੜ ਗਿਆ ਹੈ.. 13 ਸਾਲਾਂ ਬਾਅਦ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ 15% ਦਾ ਇਤਿਹਾਸਕ ਵਾਧਾ ਕਰਕੇ ਉਨ੍ਹਾਂ ਦੀ ਮਿਹਨਤ ਦਾ ਅਸਲ ਮੁੱਲ ਪਾਇਆ ਗਿਆ ਹੈ। ਜਿੱਥੇ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ, ਉੱਥੇ ਅਸੀਂ ਜ਼ਮੀਨੀ ਹਕੀਕਤ ‘ਚ ਕਿਰਤੀਆਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆਂਦੀ ਹੈ।








