Home Patiala Updates ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ...

ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

0
26

ਪਟਿਆਲਾ,  8 ਮਈ:

ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਹੀ ਪੰਜਾਬ ਸਰਕਾਰ – ਡਾ  ਬਲਬੀਰ ਸਿੰਘ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਪੰਚਾਇਤ ਭਵਨ ਵਿਖੇ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵੱਲੋਂ ਲੰਬੇ ਸਮੇਂ ਤੋਂ ਖੇਡ ਕਿੱਟਾਂ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਸਰਕਾਰ ਨੇ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡਾਂ ਨਾਲ ਜੁੜਦੇ ਹਨ ਤਾਂ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿੰਦੇ ਹਨ। ਖੇਡਾਂ ਨਾਲ ਬੱਚਿਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਸੋਚ ਦਾ ਵਿਕਾਸ ਹੁੰਦਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਖੇਡਾਂ ਵਿੱਚ ਰੁਚੀ ਲੈਣ ਵਾਲੇ ਬੱਚਿਆਂ ਨੂੰ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਲੋੜ ਹੁੰਦੀ ਹੈ, ਜਿਸ ਨਾਲ ਉਹ ਆਪਣੀ ਸਰੀਰਕ ਸਮਰੱਥਾ ਨੂੰ ਹੋਰ ਮਜ਼ਬੂਤ ਕਰ ਸਕਣ। ਇਸ ਲਈ ਸਰਕਾਰ ਵੱਲੋਂ ਖੇਡਾਂ ਦੇ ਨਾਲ-ਨਾਲ ਸਿਹਤ ਜਾਗਰੂਕਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੱਸੋਵਾਲ ਵਿੱਚ ਆਧੁਨਿਕ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ, ਜਿੱਥੇ ਚਾਰ ਵੱਖ-ਵੱਖ ਖੇਡਾਂ ਦੀਆਂ ਸਹੂਲਤਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਮੈਦਾਨ ਵਿੱਚ ਖਿਡਾਰੀਆਂ ਲਈ ਹਰ ਤਰ੍ਹਾਂ ਦੀ ਆਧੁਨਿਕ ਸਹੂਲਤ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਪਿੰਡਾਂ ਦੇ ਨੌਜਵਾਨ ਵਧੀਆ ਮਾਹੌਲ ਵਿੱਚ ਅਭਿਆਸ ਕਰ ਸਕਣ।

ਇਸ ਮੌਕੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਯਤਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

LEAVE A REPLY

Please enter your comment!
Please enter your name here