HomePunjabਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ, ਫਰੀਦਕੋਟ ਸਭ ਤੋਂ ਗਰਮ, 47 ਡਿਗਰੀ...

ਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ, ਫਰੀਦਕੋਟ ਸਭ ਤੋਂ ਗਰਮ, 47 ਡਿਗਰੀ ਤੋਂ ਪਾਰ ਹੋ ਸਕਦਾ ਤਾਪਮਾਨ

ਲੁਧਿਆਣਾ: ਪੰਜਾਬ ਵਿੱਚ ਲੂ ਅਤੇ ਭਿਆਨਕ ਗਰਮੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕਿੰਗਰਾ ਅਨੁਸਾਰ ਸੂਬੇ ਵਿੱਚ ਲੂ ਦਾ ਦੌਰ ਸ਼ੁਰੂ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।

ਬੀਤੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਜਿਵੇਂ ਬਠਿੰਡਾ, ਪਟਿਆਲਾ, ਲੁਧਿਆਣਾ ਅਤੇ ਫਰੀਦਕੋਟ ਵਿੱਚ ਦਿਨ ਵੇਲੇ ਲੂ ਦੀ ਸਥਿਤੀ ਰਹੀ, ਜਦਕਿ ਰਾਤਾਂ ਵੀ ਕਾਫੀ ਗਰਮ ਦਰਜ ਕੀਤੀਆਂ ਗਈਆਂ। ਫਰੀਦਕੋਟ ਪੰਜਾਬ ਦਾ ਸਭ ਤੋਂ ਗਰਮ ਇਲਾਕਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 47.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਸੀ। ਇੱਥੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਇਹ ਇਸ ਸੀਜ਼ਨ ਵਿੱਚ ਪਹਿਲੀ ਵਾਰ ਹੈ ਜਦੋਂ ਦਿਨ ਅਤੇ ਰਾਤ ਦੋਵਾਂ ਦਾ ਤਾਪਮਾਨ ਇੰਨੇ ਉੱਚੇ ਪੱਧਰ ‘ਤੇ ਪਹੁੰਚਿਆ ਹੈ। ਹੋਰ ਜ਼ਿਲ੍ਹਿਆਂ ਵਿੱਚ ਬਠਿੰਡਾ ਦਾ ਤਾਪਮਾਨ 45.9 ਡਿਗਰੀ, ਪਟਿਆਲਾ ਵਿੱਚ 45.3 ਡਿਗਰੀ, ਲੁਧਿਆਣਾ ਵਿੱਚ 44.2 ਡਿਗਰੀ ਅਤੇ ਲੁਧਿਆਣਾ ਵਿੱਚ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਐਸ.ਬੀ.ਐਸ. ਨਗਰ ਅਤੇ ਗੁਰਦਾਸਪੁਰ ਵਿੱਚ 43 ਡਿਗਰੀ, ਪਠਾਨਕੋਟ ਵਿੱਚ 42.5 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 41 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਵਾਧਾ ਦੇਖਿਆ ਗਿਆ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ 3.9 ਡਿਗਰੀ ਵੱਧ ਸੀ। ਪਟਿਆਲਾ ਵਿੱਚ 27 ਡਿਗਰੀ, ਪਠਾਨਕੋਟ ਅਤੇ ਫਾਜ਼ਿਲਕਾ ਵਿੱਚ 27 ਡਿਗਰੀ ਜਦਕਿ ਅੰਮ੍ਰਿਤਸਰ ਵਿੱਚ 26.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 26 ਮਈ ਤੱਕ ਮੌਸਮ ਪੂਰੀ ਤਰ੍ਹਾਂ ਸੁੱਕਾ ਰਹਿਣ ਦੀ ਸੰਭਾਵਨਾ ਹੈ। ਵਿਭਾਗ ਨੇ ਪੰਜਾਬ ਲਈ ‘ਔਰੇਂਜ ਅਲਰਟ’ ਜਾਰੀ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਸੂਬੇ ਵਿੱਚ ‘ਲੂ’ ਤੋਂ ਲੈ ਕੇ ‘ਗੰਭੀਰ ਲੂ’ ਤੱਕ ਦੀਆਂ ਸਥਿਤੀਆਂ ਬਣੀਆਂ ਰਹਿ ਸਕਦੀਆਂ ਹਨ। ਵੱਧ ਤੋਂ ਵੱਧ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ ਅਤੇ ਕੁਝ ਜ਼ਿਲ੍ਹਿਆਂ ਵਿੱਚ ਇਹ 47 ਡਿਗਰੀ ਤੋਂ ਵੀ ਪਾਰ ਹੋ ਸਕਦਾ ਹੈ।

ਪ੍ਰਸ਼ਾਸਨ ਅਤੇ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਖਾਸ ਕਰਕੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਧੁੱਪ ਵਿੱਚ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਬਿਮਾਰ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ, ਕਿਉਂਕਿ ਗਰਮ ਹਵਾਵਾਂ ਸਿਹਤ ਲਈ ਗੰਭੀਰ ਖਤਰਾ ਬਣ ਸਕਦੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments