HomeWorld Newsਬੰਗਲਾਦੇਸ਼ ‘ਚ ਭਾਰਤੀ ਦੂਤਾਵਾਸ ਦੇ ਸੁਰੱਖਿਆ ਗਾਰਡ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਬੰਗਲਾਦੇਸ਼ ‘ਚ ਭਾਰਤੀ ਦੂਤਾਵਾਸ ਦੇ ਸੁਰੱਖਿਆ ਗਾਰਡ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਬੰਗਲਾਦੇਸ਼: ਚੈਟੋਗ੍ਰਾਮ ਸ਼ਹਿਰ ਵਿੱਚ ਸਥਿਤ ਭਾਰਤੀ ਦੂਤਾਵਾਸ ਨਾਲ ਜੁੜੀ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਦੂਤਾਵਾਸ ਦੇ ਅਹਾਤੇ ਅੰਦਰ ਤਾਇਨਾਤ ਇੱਕ ਭਾਰਤੀ ਸੁਰੱਖਿਆ ਗਾਰਡ ਮੰਗਲਵਾਰ ਨੂੰ ਸ਼ੱਕੀ ਹਾਲਾਤਾਂ ਵਿੱਚ ਮ੍ਰਿਤਕ ਪਾਇਆ ਗਿਆ। ਮ੍ਰਿਤਕ ਦੀ ਪਛਾਣ 35 ਸਾਲਾ ਨਰਿੰਦਰ ਵਜੋਂ ਹੋਈ ਹੈ, ਜੋ ਹਰਿਆਣਾ ਦਾ ਰਹਿਣ ਵਾਲਾ ਸੀ ਅਤੇ ਭਾਰਤੀ ਦੂਤਾਵਾਸ ਵਿੱਚ ਸੁਰੱਖਿਆ ਡਿਊਟੀ ਨਿਭਾ ਰਿਹਾ ਸੀ।

ਮਿਲੀ ਜਾਣਕਾਰੀ ਅਨੁਸਾਰ ਨਰਿੰਦਰ ਦੀ ਲਾਸ਼ ਦੂਤਾਵਾਸ ਦੇ ਅੰਦਰ ਫਰਸ਼ ‘ਤੇ ਪਈ ਮਿਲੀ। ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਸਮਾਂ ਪਹਿਲਾਂ ਹੀ ਆਪਣੀ ਡਿਊਟੀ ਪੂਰੀ ਕਰਕੇ ਵਾਪਸ ਆਇਆ ਸੀ। ਜਦੋਂ ਲੰਬੇ ਸਮੇਂ ਤੱਕ ਉਸ ਵੱਲੋਂ ਕੋਈ ਪ੍ਰਤੀਕਿਰਿਆ ਨਾ ਮਿਲੀ ਤਾਂ ਸਾਥੀ ਕਰਮਚਾਰੀਆਂ ਨੇ ਉਸਦੀ ਜਾਂਚ ਕੀਤੀ, ਜਿਸ ਦੌਰਾਨ ਉਹ ਬੇਹੋਸ਼ ਹਾਲਤ ਵਿੱਚ ਮਿਲਿਆ। ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਪਰ ਮੈਡੀਕਲ ਟੀਮ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਘਟਨਾ ਤੋਂ ਬਾਅਦ ਭਾਰਤ ਦਾ ਕੌਂਸਲੇਟ ਜਨਰਲ, ਚਟਗਾਓਂ ਅਤੇ ਸਥਾਨਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਤ ਦੇ ਅਸਲ ਕਾਰਨਾਂ ਬਾਰੇ ਹਾਲੇ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਅਧਿਕਾਰੀਆਂ ਅਨੁਸਾਰ ਮੌਤ ਦੇ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋ ਸਕੇਗੀ।

ਦੂਤਾਵਾਸ ਦੇ ਅਧਿਕਾਰੀਆਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਕੇ ਘਟਨਾ ਬਾਰੇ ਜਾਣਕਾਰੀ ਦੇ ਦਿੱਤੀ ਹੈ। ਇਸ ਖ਼ਬਰ ਤੋਂ ਬਾਅਦ ਹਰਿਆਣਾ ਸਥਿਤ ਉਸਦੇ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਨਰਿੰਦਰ ਨੂੰ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਦੱਸਦਿਆਂ ਮਾਮਲੇ ਦੀ ਪੂਰੀ ਜਾਂਚ ਦੀ ਮੰਗ ਕੀਤੀ ਹੈ।

ਉੱਧਰ ਸੁਰੱਖਿਆ ਏਜੰਸੀਆਂ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਹੀਆਂ ਹਨ, ਕਿਉਂਕਿ ਇਹ ਘਟਨਾ ਭਾਰਤੀ ਦੂਤਾਵਾਸ ਦੇ ਸੁਰੱਖਿਆ ਘੇਰੇ ਦੇ ਅੰਦਰ ਵਾਪਰੀ ਹੈ। ਦੂਤਾਵਾਸ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਅਤੇ ਉੱਥੇ ਮੌਜੂਦ ਕਰਮਚਾਰੀਆਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਕੂਟਨੀਤਿਕ ਸਰੋਤਾਂ ਮੁਤਾਬਕ ਭਾਰਤੀ ਅਤੇ ਬੰਗਲਾਦੇਸ਼ੀ ਅਧਿਕਾਰੀ ਮਿਲ ਕੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਫਿਲਹਾਲ ਦੂਤਾਵਾਸ ਵੱਲੋਂ ਇਸ ਮਾਮਲੇ ‘ਤੇ ਕੋਈ ਵਿਸਥਾਰਪੂਰਵਕ ਬਿਆਨ ਜਾਰੀ ਨਹੀਂ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments