ਮੋਗਾ: ਦੇ ਗਾਂਧੀ ਰੋਡ ਸਥਿਤ ਮੇਖਾਂ ਵਾਲੀ ਗਲੀ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਰਵਾਸੀ ਮਜ਼ਦੂਰ ਦੀ 9 ਸਾਲਾ ਧੀ ਸ਼ੱਕੀ ਹਾਲਾਤਾਂ ਵਿੱਚ ਫਾਹੇ ਨਾਲ ਲਟਕੀ ਹੋਈ ਮਿਲੀ। ਬੱਚੀ ਨੂੰ ਦੇਖਦੇ ਹੀ ਪਰਿਵਾਰ ਵਿੱਚ ਚੀਖ-ਪੁਕਾਰ ਮਚ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਮੁਤਾਬਕ ਨੇੜਲੇ ਕਵਾਰਟਰ ਵਿੱਚ ਰਹਿਣ ਵਾਲੇ ਦਯਾਨੰਦ ਨਾਮਕ ਵਿਅਕਤੀ ਨੇ ਬੱਚੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਸਬੂਤ ਮਿਟਾਉਣ ਲਈ ਉਸ ਨੂੰ ਦੁਪੱਟੇ ਨਾਲ ਲਟਕਾ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਵੇਲੇ ਬੱਚੀ ਦੀ ਮਾਂ ਕੰਮ ‘ਤੇ ਗਈ ਹੋਈ ਸੀ।
ਪੁਲਿਸ ਨੇ ਮ੍ਰਿਤਕ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਖ਼ਿਲਾਫ਼ ਕਤਲ ਅਤੇ ਜਬਰ ਜਨਾਹ ਸਮੇਤ ਭਾਰਤੀ ਨਿਆਂ ਸੰਹਿਤਾ (BNS) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਮਾਮਲੇ ਸਬੰਧੀ ਐਸ.ਐਚ.ਓ. ਵਰੂਨ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਗੁੱਸੇ ਦਾ ਮਾਹੌਲ ਹੈ। ਸਥਾਨਕ ਲੋਕਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।








