ਸੀਚੇਵਾਲ (ਜਲੰਧਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਪਿੰਡ ਸੀਚੇਵਾਲ ਵਿਖੇ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮਿਲ ਕੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿੱਚ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਵੀ ਕੀਤਾ।
ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਪਿਆਰ, ਭਾਈਚਾਰੇ ਅਤੇ ਸਹਿਣਸ਼ੀਲਤਾ ਦੀ ਧਰਤੀ ਹੈ, ਜਿੱਥੇ ਨਫ਼ਰਤ ਅਤੇ ਵੈਰ ਲਈ ਕੋਈ ਥਾਂ ਨਹੀਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫੁੱਟ ਪਾਉਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਅਤੇ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਕਾਸ, ਸਿੱਖਿਆ, ਸਿਹਤ, ਖੇਡਾਂ ਅਤੇ ਸਿੰਚਾਈ ਦੇ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਦੇ ਖੇਤਾਂ ਤੱਕ 21,000 ਕਿਊਸਿਕ ਪਾਣੀ ਪਹੁੰਚਾਇਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਇਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲਿਆ ਹੈ ਅਤੇ ਭੂਮੀਗਤ ਪਾਣੀ ਦੇ ਪੱਧਰ ਵਿੱਚ ਵੀ 2 ਤੋਂ 4 ਮੀਟਰ ਤੱਕ ਸੁਧਾਰ ਦਰਜ ਕੀਤਾ ਗਿਆ ਹੈ।
ਵਾਤਾਵਰਣ ਸੰਭਾਲ ’ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਗੁਰਬਾਣੀ ਦੀ ਤੁੱਕ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਦਾ ਹਵਾਲਾ ਦਿੰਦਿਆਂ ਕਿਹਾ ਕਿ ਕੁਦਰਤ ਦੀ ਰੱਖਿਆ ਕਰਨਾ ਹਰ ਇਨਸਾਨ ਦਾ ਫ਼ਰਜ਼ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਬਚਾਉਣ ਦੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।
ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਸੀਚੇਵਾਲ ਮਾਡਲ’ ਅੱਜ ਵਾਤਾਵਰਣ ਸੰਭਾਲ ਦਾ ਪ੍ਰੇਰਣਾਦਾਇਕ ਉਦਾਹਰਨ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਸਮੇਂ ਰੇਤ ਦੇ ਟਿੱਬੇ ਸਨ, ਅੱਜ ਉੱਥੇ ਹਰਿਆਵਲ ਅਤੇ ਹਜ਼ਾਰਾਂ ਰੁੱਖ ਪੰਜਾਬ ਦੇ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਤਹਿਤ ਦੋਸ਼ੀਆਂ ਲਈ ਕੜੀਆਂ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਪਵਿੱਤਰਤਾ ਅਤੇ ਸਤਿਕਾਰ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੀਤੇ ਸੁਧਾਰਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਲੋਕਾਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਮਹਿਲਾ ਸਸ਼ਕਤੀਕਰਨ ਸਬੰਧੀ ਮੁੱਖ ਮੰਤਰੀ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਅਤੇ ਸਮਾਜਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ।
ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ, ਸੜਕਾਂ, ਸਿੰਚਾਈ ਅਤੇ ਲੋਕ ਭਲਾਈ ਦੇ ਹੋਰ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਇੱਕ ਖੁਸ਼ਹਾਲ, ਸੁਰੱਖਿਅਤ ਅਤੇ ਵਿਕਸਤ ‘ਰੰਗਲਾ ਪੰਜਾਬ’ ਸਿਰਜਣ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ।








