• ਮਿਆਰੀ ਸਿੱਖਿਆ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਬਿਹਤਰ ਭਵਿੱਖ ਲਈ ਸਰਕਾਰੀ ਸਕੂਲ ਵਚਨਬੱਧ : ਪ੍ਰਿੰਸੀਪਲ ਚਰਨਜੀਤ ਵਾਤਿਸ
ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਾਤਮਕ ਪਹਿਲਕਦਮੀਆਂ ਤਹਿਤ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀ) ਮੁਹਿੰਮ ਅਧੀਨ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਦਾ ਸਫਲ ਆਯੋਜਨ ਕੀਤਾ ਗਿਆ। ਇਸ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕਰਦਿਆਂ ਸਕੂਲਾਂ ਵਿੱਚ ਉਪਲਬਧ ਸਹੂਲਤਾਂ, ਪੜ੍ਹਾਈ ਦੇ ਮਿਆਰ ਅਤੇ ਬੱਚਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਮੈਗਾ ਪੀ.ਟੀ.ਐਮ. ਦੌਰਾਨ ਸਕੂਲ ਪ੍ਰਿੰਸੀਪਲ ਚਰਨਜੀਤ ਵਾਤਿਸ ਨੇ ਮਾਪਿਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਨਿਰੰਤਰ ਸੰਪਰਕ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ।
ਪ੍ਰਿੰਸੀਪਲ ਚਰਨਜੀਤ ਵਾਤਿਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਰਾਹੀਂ ਮਾਪਿਆਂ ਤੋਂ ਪ੍ਰਾਪਤ ਫੀਡਬੈਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਸਾਬਤ ਹੁੰਦਾ ਹੈ। ਇਸ ਨਾਲ ਬੱਚਿਆਂ ਦੀਆਂ ਲੋੜਾਂ, ਰੁਚੀਆਂ, ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਭਵਿੱਖੀ ਆਕਾਂਖਿਆਵਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ, ਜਿਸ ਦੇ ਆਧਾਰ ’ਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਅਤੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ। ਆਧੁਨਿਕ ਬੁਨਿਆਦੀ ਢਾਂਚਾ, ਤਕਨੀਕੀ ਸਹੂਲਤਾਂ ਅਤੇ ਮਿਆਰੀ ਸਿੱਖਿਆ ਕਾਰਨ ਹੁਣ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।
ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਲਈ ਪੂਰੀ ਤਨਦੇਹੀ ਨਾਲ ਕਾਰਜ ਕਰ ਰਹੇ ਹਨ, ਤਾਂ ਜੋ ਵਿਦਿਆਰਥੀ ਹਰ ਖੇਤਰ ਵਿੱਚ ਸਫਲਤਾ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।









