ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਆਊਟਸੋਰਸ ਮੁਲਾਜ਼ਮਾਂ ਨਾਲ ਸਬੰਧਤ ਇੱਕ ਅਹਿਮ ਫ਼ੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਵਿਧਾਨ ਸਭਾ ਵਿੱਚ ਦੋ ਨਵੇਂ ਬਿੱਲ ਲੈ ਕੇ ਆਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਆਊਟਸੋਰਸ ਆਧਾਰ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਿੱਧੇ ਸਰਕਾਰ ਨਾਲ ਜੋੜਨ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਚੱਲ ਰਹੇ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਲਈ ਕਾਨੂੰਨੀ ਪ੍ਰਬੰਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦਾ ਲਾਭ ਕਰੀਬ 65,048 ਮੁਲਾਜ਼ਮਾਂ ਨੂੰ ਮਿਲ ਸਕਦਾ ਹੈ, ਜੋ ਇਸ ਵੇਲੇ ਵੱਖ-ਵੱਖ ਵਿਭਾਗਾਂ ਵਿੱਚ ਆਊਟਸੋਰਸ ਜਾਂ ਠੇਕੇਦਾਰੀ ਪ੍ਰਣਾਲੀ ਰਾਹੀਂ ਸੇਵਾਵਾਂ ਨਿਭਾ ਰਹੇ ਹਨ। ਸਰਕਾਰ ਦੇ ਅਨੁਸਾਰ 51 ਵਿਭਾਗਾਂ ਦੇ ਕਰਮਚਾਰੀ ਇਸ ਪ੍ਰਸਤਾਵਿਤ ਕਾਨੂੰਨ ਦੇ ਦਾਇਰੇ ਵਿੱਚ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਮੁਲਾਜ਼ਮਾਂ ਨੂੰ ਵਧੇਰੇ ਨੌਕਰੀ ਸੁਰੱਖਿਆ ਅਤੇ ਪਾਰਦਰਸ਼ੀ ਸੇਵਾ ਸ਼ਰਤਾਂ ਮੁਹੱਈਆ ਕਰਵਾਉਣਾ ਹੈ। ਪ੍ਰਸਤਾਵਿਤ ਬਿੱਲਾਂ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਕੇ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਫ਼ੈਸਲਾ ਪੰਜਾਬ ਦੇ ਹਜ਼ਾਰਾਂ ਆਊਟਸੋਰਸ ਕਰਮਚਾਰੀਆਂ ਲਈ ਰਾਹਤ ਭਰਿਆ ਕਦਮ ਮੰਨਿਆ ਜਾ ਰਿਹਾ ਹੈ, ਜੋ ਲੰਬੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਖਤਮ ਕਰਨ ਅਤੇ ਸਿੱਧੇ ਸਰਕਾਰੀ ਢਾਂਚੇ ਨਾਲ ਜੋੜੇ ਜਾਣ ਦੀ ਮੰਗ ਕਰ ਰਹੇ ਸਨ।









