ਫਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਸ ਦੇ ਹੋਸਟਲ ਵਿੱਚ ਰਹਿ ਰਹੀ ਇੱਕ ਨਰਸਿੰਗ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਵਿਦਿਆਰਥਣ ਸ਼ਨੀਵਾਰ ਸਵੇਰੇ ਆਪਣੇ ਹੋਸਟਲ ਕਮਰੇ ਵਿੱਚ ਮ੍ਰਿਤਕ ਮਿਲੀ।
ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਹੋਸਟਲ ਪ੍ਰਬੰਧਨ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕਾ ਦੀ ਪਛਾਣ ਅਮਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਖਰੜ ਦੇ ਸ਼ਿਵਜੋਤ ਐਨਕਲੇਵ ਦੀ ਰਹਿਣ ਵਾਲੀ ਸੀ। ਉਹ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਿੱਚ ਬੀ.ਐਸ.ਸੀ. ਨਰਸਿੰਗ ਦੇ ਤੀਜੇ ਸਮੈਸਟਰ ਦੀ ਵਿਦਿਆਰਥਣ ਸੀ ਅਤੇ ਹੋਸਟਲ ਵਿੱਚ ਰਹਿ ਕੇ ਆਪਣੀ ਪੜ੍ਹਾਈ ਕਰ ਰਹੀ ਸੀ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਵੱਲੋਂ ਪੋਸਟਮਾਰਟਮ ਰਿਪੋਰਟ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ।









