Home Punjab ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਦੇ ਨਤੀਜੇ ਆਉਣੇ ਸ਼ੁਰੂ, ਸਰਕਾਰੀ ਸਕੂਲਾਂ ਦੇ ਵਿਦਿਆਰਥੀ...

ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਦੇ ਨਤੀਜੇ ਆਉਣੇ ਸ਼ੁਰੂ, ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਣ ਰਹੇ ਨਵੇਂ ਸਿਤਾਰੇ

0
21

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਸ਼ੁਰੂ ਕੀਤੀ ਗਈ ‘ਸਿੱਖਿਆ ਕ੍ਰਾਂਤੀ’ ਹੁਣ ਜ਼ਮੀਨੀ ਪੱਧਰ ’ਤੇ ਸ਼ਾਨਦਾਰ ਨਤੀਜੇ ਦੇ ਰਹੀ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਭਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ।

ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਏ ਗਏ ‘ਸਿਤਾਰੇ ਜ਼ਮੀਨ ਤੇ’ ਸਮਾਗਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਪੱਧਰੀ ਟੌਪਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਟੀਚਾ ਸੂਬੇ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਹੈ ਅਤੇ ਇਹ ਧਾਰਨਾ ਬਦਲਣੀ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਕੌਮੀ ਸਿੱਖਿਆ ਰੈਂਕਿੰਗ ਵਿੱਚ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ ਹਨ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਆਏ ਬਦਲਾਅ ਦੀ ਗਵਾਹੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਪੂਰੇ ਆਤਮ-ਵਿਸ਼ਵਾਸ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਮੱਲਾਂ ਮਾਰ ਰਹੇ ਹਨ।

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਨਿਮਰਤਾ, ਮਿਹਨਤ ਅਤੇ ਅਧਿਆਪਕਾਂ ਤੇ ਮਾਪਿਆਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸਫਲਤਾ ਦੇ ਬਾਵਜੂਦ ਜ਼ਮੀਨ ਨਾਲ ਜੁੜੇ ਰਹਿਣਾ ਹੀ ਅਸਲ ਕਾਮਯਾਬੀ ਦੀ ਨਿਸ਼ਾਨੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਕੋਈ ਵੀ ਵਿਦਿਆਰਥੀ ਫਰਸ਼ ’ਤੇ ਬੈਠ ਕੇ ਪੜ੍ਹਨ ਲਈ ਮਜਬੂਰ ਨਹੀਂ ਹੈ ਅਤੇ ਸੂਬਾ ਸਿੱਖਿਆ ਨਾਲ ਸਬੰਧਤ ਕਈ ਰਾਸ਼ਟਰੀ ਸੂਚਕਾਂਕਾਂ ਵਿੱਚ ਮੋਹਰੀ ਸਥਾਨ ਹਾਸਲ ਕਰ ਰਿਹਾ ਹੈ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਮੁੱਚੀ ਯੋਗਤਾ ਦਾ ਮੁਲਾਂਕਣ ਕਰਨ ਵਾਲੀ ਆਧੁਨਿਕ ਪ੍ਰਣਾਲੀ ਅਪਣਾਈ ਜਾਣੀ ਚਾਹੀਦੀ ਹੈ।

ਸਮਾਗਮ ਵਿੱਚ ਹਾਜ਼ਰ ਵਿਦਿਆਰਥੀਆਂ ਨੇ ਵੀ ਪੰਜਾਬ ਸਰਕਾਰ ਦੀਆਂ ਸਿੱਖਿਆ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਸੁਧਾਰਾਂ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦਾ ਆਤਮ-ਵਿਸ਼ਵਾਸ ਅਤੇ ਭਵਿੱਖ ਪ੍ਰਤੀ ਉਮੀਦਾਂ ਹੋਰ ਮਜ਼ਬੂਤ ਹੋਈਆਂ ਹਨ।

LEAVE A REPLY

Please enter your comment!
Please enter your name here