Home Punjab ਅੰਮ੍ਰਿਤਸਰ ਵਿੱਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਵਾਪਸ ਆਉਂਦਿਆਂ...

ਅੰਮ੍ਰਿਤਸਰ ਵਿੱਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਵਾਪਸ ਆਉਂਦਿਆਂ ਵਾਪਰੀ ਵਾਰਦਾਤ

0
1

ਅੰਮ੍ਰਿਤਸਰ: ਜ਼ਿਲ੍ਹੇ ਦੇ ਜੰਡਿਆਲਾ ਗੁਰੂ ਨੇੜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਅਧਿਆਪਕ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਤਲਵੰਡੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੇਸ਼ੇ ਤੋਂ ਅਧਿਆਪਕ ਸਨ ਅਤੇ ਆਪਣੀ ਧੀ ਨੂੰ ਟਿਊਸ਼ਨ ਸੈਂਟਰ ਛੱਡਣ ਤੋਂ ਬਾਅਦ ਘਰ ਵਾਪਸ ਪਰਤ ਰਹੇ ਸਨ। ਇਸ ਦੌਰਾਨ ਜੰਡਿਆਲਾ ਗੁਰੂ ਦੇ ਨੇੜੇ ਨਰਾਇਣਗੜ੍ਹ ਨਾਲੇ ਕੋਲ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰਕੇ ਕਤਲ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਆਰੰਭ ਦਿੱਤੀ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਦੇ ਪਿੱਛੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਾਂਚ ਟੀਮਾਂ ਨੇੜਲੇ ਇਲਾਕਿਆਂ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀਆਂ ਹਨ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਸਥਾਨਕ ਲੋਕਾਂ ਨੇ ਇਸ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਵਾਪਰੀ ਅਜਿਹੀ ਘਟਨਾ ਨੇ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here