ਪੰਜਾਬ ਵਿੱਚ ਵਾਤਾਵਰਣ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਇਸ ਸਾਲ ਵੱਡੇ ਪੱਧਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਮੰਤਰੀ Lal Chand Kataruchak ਨੇ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਰੁੱਖ ਲਗਾਉਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਬੂਟਿਆਂ ਦੀ ਸੰਭਾਲ ਅਤੇ ਉਨ੍ਹਾਂ ਦੀ ਬਚਾਅ ਦਰ ਵਧਾਉਣ ਲਈ ਵੀ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ। ਸੜਕਾਂ ਦੇ ਕਿਨਾਰਿਆਂ, ਨਹਿਰਾਂ ਦੇ ਨਾਲ, ਸਕੂਲਾਂ, ਪੰਚਾਇਤੀ ਜ਼ਮੀਨਾਂ ਅਤੇ ਹੋਰ ਜਨਤਕ ਸਥਾਨਾਂ ’ਤੇ ਵੱਡੇ ਪੱਧਰ ’ਤੇ ਪੌਦੇ ਲਗਾਏ ਜਾਣਗੇ।
ਮੰਤਰੀ ਨੇ ਕਿਹਾ ਕਿ ਜਲਵਾਯੂ ਤਬਦੀਲੀ ਅਤੇ ਵੱਧ ਰਹੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਰੁੱਖ ਲਗਾਉਣਾ ਸਮੇਂ ਦੀ ਲੋੜ ਹੈ। ਇਸ ਮੁਹਿੰਮ ਵਿੱਚ ਸਰਕਾਰੀ ਵਿਭਾਗਾਂ, ਸਥਾਨਕ ਸੰਸਥਾਵਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਇਸ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਜਾ ਸਕੇ।
ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਕੇ ਸੂਬੇ ਨੂੰ ਹਰਿਆ-ਭਰਿਆ ਬਣਾਉਣ ਵਿੱਚ ਯੋਗਦਾਨ ਪਾਉਣ।









