Tuesday, July 21, 2026
Home Punjab ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਪੜ੍ਹਾਈ ਜਾਵੇਗੀ AI, ‘ਬ੍ਰਾਈਟ...

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਪੜ੍ਹਾਈ ਜਾਵੇਗੀ AI, ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਦੀ ਸ਼ੁਰੂਆਤ

0
17

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਨਵੇਂ ਅਕਾਦਮਿਕ ਸੈਸ਼ਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਹੀ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ।

ਇਹ ਐਲਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਵਿੱਚ ਆਯੋਜਿਤ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਦੇ ਉਦਘਾਟਨ ਮੌਕੇ ਕੀਤਾ ਗਿਆ। ਇਸ ਮੌਕੇ ਮਨੀਸ਼ ਸਿਸੋਦੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਪ੍ਰੋਗਰਾਮ ਦੌਰਾਨ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਸਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੁਕਾਬਲੇ ਲਈ ਤਿਆਰ ਕਰਨ ਅਤੇ ਨਵੀਆਂ ਤਕਨਾਲੋਜੀਆਂ ਨਾਲ ਜੋੜਨ ਲਈ AI ਦੀ ਸਿੱਖਿਆ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ AI ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੇ ਬੱਚਿਆਂ ਨੂੰ ਇਸ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਨੀਤੀ ਆਯੋਗ ਦੀ ਤਾਜ਼ਾ ਰੈਂਕਿੰਗ ਵਿੱਚ ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ਨੂੰ ਬਰਕਰਾਰ ਰੱਖਣ ਲਈ ਸਿੱਖਿਆ ਪ੍ਰਣਾਲੀ ਵਿੱਚ ਤਕਨਾਲੋਜੀ ਅਧਾਰਿਤ ਸੁਧਾਰ ਲਗਾਤਾਰ ਜਾਰੀ ਰਹਿਣਗੇ।

ਸਿੱਖਿਆ ਮੰਤਰੀ ਨੇ ਇੱਕ ਹੋਰ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਹੁਣ Punjab School Education Board ਦੀਆਂ ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਵੀ ਆਨਲਾਈਨ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਦੀ ਨੀਂਹ ਮਿਆਰੀ ਸਿੱਖਿਆ ‘ਤੇ ਟਿਕੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਤੱਕ ਗੁਣਵੱਤਾ ਭਰਪੂਰ ਸਿੱਖਿਆ ਪਹੁੰਚਾਉਣਾ ਸਰਕਾਰ ਅਤੇ ਅਧਿਆਪਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫ਼ਲਤਾ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਨਵੀਨ ਸੋਚ ਬਹੁਤ ਜ਼ਰੂਰੀ ਹੈ ਅਤੇ ਪੰਜਾਬ ਦੇ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਤਿਆਰ ਹਨ।

LEAVE A REPLY

Please enter your comment!
Please enter your name here