ਪਟਿਆਲਾ: ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਮਾਣਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਅਤੇ ਡਾ. ਗੌਰਵ ਧੀਮਾਨ, ਸਹਾਇਕ ਪ੍ਰੋਫੈਸਰ ਵੱਲੋਂ “ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਇੰਡੀਅਨ ਲੀਗਲ ਸਿਸਟਮ ” ਨਾਮਕ ਪੁਸਤਕ ਦਾ ਲੋਕ ਅਰਪਣ ਕੀਤਾ ਗਿਆ। ਇਹ ਪੁਸਤਕ ਭਾਰਤੀ ਕਾਨੂੰਨੀ ਅਤੇ ਨਿਆਂ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਧ ਰਹੀ ਭੂਮਿਕਾ, ਇਸ ਦੇ ਮੌਕਿਆਂ, ਚੁਣੌਤੀਆਂ, ਨੈਤਿਕ ਪੱਖਾਂ ਅਤੇ ਭਵਿੱਖੀ ਸੰਭਾਵਨਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਦੀ ਹੈ। ਪੁਸਤਕ ਕਾਨੂੰਨ, ਤਕਨਾਲੋਜੀ ਅਤੇ ਨੀਤੀ ਨਿਰਮਾਣ ਨਾਲ ਜੁੜੇ ਵਿਦਿਆਰਥੀਆਂ, ਖੋਜਕਰਤਾਵਾਂ, ਅਧਿਆਪਕਾਂ ਅਤੇ ਕਾਨੂੰਨੀ ਮਾਹਿਰਾਂ ਲਈ ਇੱਕ ਮਹੱਤਵਪੂਰਨ ਸੰਦਰਭ ਗ੍ਰੰਥ ਸਾਬਤ ਹੋਵੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਅੱਜ ਦੇ ਸਮੇਂ ਵਿੱਚ ਹਰ ਖੇਤਰ ਨੂੰ ਪ੍ਰਭਾਵਿਤ ਕਰ ਰਹੀ ਹੈ ਅਤੇ ਕਾਨੂੰਨੀ ਪ੍ਰਣਾਲੀ ਵਿੱਚ ਇਸ ਦੀ ਵਰਤੋਂ ਨਿਆਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਅਕਾਦਮਿਕ ਰਚਨਾਵਾਂ ਖੋਜ ਅਤੇ ਗਿਆਨ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਡਾ. ਗੌਰਵ ਧੀਮਾਨ ਨੇ ਦੱਸਿਆ ਕਿ ਇਸ ਪੁਸਤਕ ਦਾ ਉਦੇਸ਼ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਭਾਰਤੀ ਕਾਨੂੰਨੀ ਪ੍ਰਣਾਲੀ ਦੇ ਆਪਸੀ ਸਬੰਧਾਂ ਨੂੰ ਸਰਲ ਅਤੇ ਵਿਸਤ੍ਰਿਤ ਢੰਗ ਨਾਲ ਪੇਸ਼ ਕਰਨਾ ਹੈ, ਤਾਂ ਜੋ ਇਸ ਵਿਸ਼ੇ ਵਿੱਚ ਰੁਚੀ ਰੱਖਣ ਵਾਲੇ ਪਾਠਕਾਂ ਨੂੰ ਨਵੀਆਂ ਜਾਣਕਾਰੀਆਂ ਪ੍ਰਾਪਤ ਹੋ ਸਕਣ।
ਇਸ ਮੌਕੇ ਪ੍ਰੋ. ਬਲਜੀਤ ਸਿੰਘ ਖਹਿਰਾ, ਰਜਿਸਟਰਾਰ, ਅਤੇ ਡਾ. ਕੁਲਦੀਪ ਵਾਲੀਆ, ਡਾਇਰੈਕਟਰ, ਸੈਂਟਰ ਫਾਰ ਇੰਟਰਨਲ ਕੁਆਲਿਟੀ ਅਸ਼ੋਰੈਂਸ (CIQA) ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਉਨ੍ਹਾਂ ਨੇ ਪੁਸਤਕ ਦੇ ਪ੍ਰਕਾਸ਼ਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਪੁਸਤਕ ਆਧੁਨਿਕ ਤਕਨਾਲੋਜੀ ਅਤੇ ਕਾਨੂੰਨੀ ਅਧਿਐਨ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਸਾਬਤ ਹੋਵੇਗੀ। ਸਮਾਗਮ ਦੌਰਾਨ ਯੂਨੀਵਰਸਿਟੀ ਦੇ ਅਧਿਆਪਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਸ਼ਿਰਕਤ ਕੀਤੀ ਅਤੇ ਇਸ ਪ੍ਰਕਾਸ਼ਨ ਦੀ ਭਰਪੂਰ ਸਰਾਹਨਾ ਕੀਤੀ। ਇਹ ਪੁਸਤਕ ਲੋਕ ਅਰਪਣ ਸਮਾਗਮ ਯੂਨੀਵਰਸਿਟੀ ਦੀ ਖੋਜ, ਨਵੀਨਤਾ ਅਤੇ ਅਕਾਦਮਿਕ ਉਤਕ੍ਰਿਸ਼ਟਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।









