Wednesday, July 22, 2026
Home Punjab ਪੰਜਾਬ ਵਿੱਚ ਫਿਰ ਬਦਲੇਗਾ ਮੌਸਮ, 18 ਜ਼ਿਲ੍ਹਿਆਂ ਲਈ ਸੰਤਰੀ ਅਲਰਟ ਜਾਰੀ

ਪੰਜਾਬ ਵਿੱਚ ਫਿਰ ਬਦਲੇਗਾ ਮੌਸਮ, 18 ਜ਼ਿਲ੍ਹਿਆਂ ਲਈ ਸੰਤਰੀ ਅਲਰਟ ਜਾਰੀ

0
18

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦੇ ਪ੍ਰਭਾਵ ਹੇਠ ਸੂਬੇ ਦੇ ਕਈ ਇਲਾਕਿਆਂ ਵਿੱਚ ਅਗਲੇ ਦੋ ਦਿਨਾਂ ਦੌਰਾਨ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ ਅਨੁਮਾਨ ਅਨੁਸਾਰ ਕਈ ਜ਼ਿਲ੍ਹਿਆਂ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਨਾਲੋਂ 2.3 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 35.3 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਮੌਸਮ ਮਾਹਿਰਾਂ ਅਨੁਸਾਰ ਇਸ ਵੇਲੇ ਗਰਮੀ ਦੀ ਲਹਿਰ (ਹੀਟਵੇਵ) ਵਰਗੀ ਕੋਈ ਸਥਿਤੀ ਨਹੀਂ ਬਣ ਰਹੀ।

ਮੌਸਮ ਵਿਭਾਗ ਨੇ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।

ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਲੁਧਿਆਣਾ ਅਤੇ ਸੰਗਰੂਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਨੇ ਲੋਕਾਂ ਨੂੰ ਖੁੱਲ੍ਹੇ ਮੈਦਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਦੇ ਨੇੜੇ ਜਾਣ ਤੋਂ ਬਚਣ ਅਤੇ ਮੌਸਮ ਸਬੰਧੀ ਤਾਜ਼ਾ ਅਪਡੇਟਾਂ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here