*ਵੋਟਰ ਸੂਚੀਆਂ ਦੀ ਸੁਧਾਈ ਲਈ 7 ਜੂਨ ਨੂੰ ਜ਼ਿਲ੍ਹੇ ਭਰ ਦੇ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ – ਏ ਡੀ ਸੀ
ਪਟਿਆਲਾ : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਸਬੰਧੀ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ. ਦੇ ਰਿਵਾਈਸਡ ਸ਼ੈਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਰਾਜਸੀ ਪਾਰਟੀਆਂ ਨੂੰ ਆਪਣੇ-ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਲਈ ਪ੍ਰੇਰਿਤ ਕੀਤਾ।
ਮੀਟਿੰਗ ਦੌਰਾਨ ਅਨੁਪ੍ਰਿਤਾ ਜੌਹਲ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਸਮੇਂ ਸਿਰ ਉਪਲਬਧ ਕਰਵਾਉਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੈਂਡਿੰਗ ਵੋਟਰ ਮੈਪਿੰਗ ਦੇ ਅਧੂਰੇ ਕੰਮ ਨੂੰ ਮੁਕੰਮਲ ਕਰਨ ਲਈ 7 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਬੂਥਾਂ ‘ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨਗੇ।
ਉਨ੍ਹਾਂ ਨੇ ਰਾਜਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੀ.ਐਲ.ਏਜ਼ ਨੂੰ ਵੀ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਮ੍ਰਿਤਕ, ਸ਼ਿਫਟ ਹੋ ਚੁੱਕੇ ਜਾਂ ਵੋਟਰ ਸੂਚੀ ਤੋਂ ਬਾਹਰ ਹੋ ਚੁੱਕੇ ਵੋਟਰਾਂ ਦੀ ਸਹੀ ਅਤੇ ਅਪਡੇਟ ਸੂਚੀ ਤਿਆਰ ਕਰਨ ਅਤੇ ਇਹ ਜਾਣਕਾਰੀ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ। ਇਸ ਨਾਲ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸ਼ੁੱਧ ਅਤੇ ਭਰੋਸੇਯੋਗ ਬਣਾਉਣ ਵਿੱਚ ਮਦਦਮਿਲੇਗੀ।
ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਆਉਣ ਵਾਲੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਵਿੱਚ ਸਾਰੀਆਂ ਰਾਜਸੀ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਕਾਰਜ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਣਾ ਹੈ, ਜਿਸ ਲਈ ਸਾਰੀਆਂ ਪਾਰਟੀਆਂ ਦਾ ਸਹਿਯੋਗ ਲਾਜ਼ਮੀ ਹੈ।
ਮੀਟਿੰਗ ਦੌਰਾਨ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਚੌਧਰੀ, ਆਮ ਆਦਮੀ ਪਾਰਟੀ ਤੋਂ ਰਜਿੰਦਰ ਮੋਹਨ, ਕਾਂਗਰਸ ਪਾਰਟੀ ਤੋਂ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ , ਸ਼੍ਰੋਮਣੀ ਅਕਾਲੀ ਦਲ ਤੋਂ ਅਨਮੋਲਦੀਪ ਸਿੰਘ ਤੇ ਕੁਲਬੀਰ ਸਿੰਘ , ਹਿੰਦੁਸਤਾਨ ਸ਼ਕਤੀ ਸੇਨਾ ਤੋਂ ਰਿੰਕੂ ਭਾਰਦਵਾਜ ਅਤੇ ਹੋਰ ਰਾਜਸੀ ਪਾਰਟੀਆਂ ਦੇ ਆਗੂ ਮੋਜੂਦ ਸਨ।



